ਫਗਵਾੜਾ / ਜਲੰਧਰ (ਮਨੀਸ਼ ਰਿਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਅਸਰ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਤੋਂ ਬਾਹਰ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ’ਤੇ ਵੀ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਵੱਲੋਂ ਹਾਈਵੇ ਦੇ ਦੋਵੇਂ ਪਾਸੇ ਆਵਾਜਾਈ ਰੋਕ ਦਿੱਤੇ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਜਲੰਧਰ, ਫਗਵਾੜਾ, ਲੁਧਿਆਣਾ, ਦਿੱਲੀ ਸਮੇਤ ਹੋਰ ਸ਼ਹਿਰਾਂ ਵੱਲ ਜਾਣ ਵਾਲੇ ਲੋਕ ਘੰਟਿਆਂਬੱਧੀ ਜਾਮ ਵਿੱਚ ਫਸੇ ਰਹੇ।
ਉਧਰ, ਸੋਮਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਸ਼ਾਂਤਮਈ ਬਣੀ ਹੋਈ ਹੈ। ਜਾਂਚ ਕਰ ਰਹੇ ਐੱਸ.ਪੀ. (ਜਾਂਚ) ਹਰਿੰਦਰ ਗਿੱਲ ਨੇ ਦੱਸਿਆ ਕਿ ਬੀਤੀ ਰਾਤ ਤੋਂ ਸਥਿਤੀ ਪੂਰੀ ਤਰ੍ਹਾਂ ਸ਼ਾਂਤਮਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕੀਤੇ ਜਾਣ ਕਾਰਨ ਵਿਦਿਆਰਥੀ ਬੀਤੀ ਰਾਤ ਤੋਂ ਹੀ ਕੈਂਪਸ ਤੋਂ ਬਾਹਰ ਜਾ ਰਹੇ ਹਨ। ਐੱਸ.ਪੀ. ਗਿੱਲ ਨੇ ਕਿਹਾ ਕਿ ਇਸ ਸਮੇਂ ਕੈਂਪਸ ਵਿੱਚ ਕੋਈ ਪ੍ਰਦਰਸ਼ਨ ਜਾਂ ਹੋਰ ਅਜਿਹੀ ਘਟਨਾ ਨਹੀਂ ਹੋ ਰਹੀ। ਸੁਰੱਖਿਆ ਦੇ ਮੱਦੇਨਜ਼ਰ ਯੂਨੀਵਰਸਿਟੀ ਦੇ ਸਾਰੇ ਗੇਟਾਂ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਤਣਾਅ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ 9:45 ਵਜੇ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਪੰਜਾਬ ਪੁਲੀਸ ਵੱਲੋਂ ਜਾਰੀ ਮੀਡੀਆ ਇਨਵਾਈਟ ਅਨੁਸਾਰ ਡੀਜੀਪੀ ਵੱਲੋਂ ਪ੍ਰੈੱਸ ਬ੍ਰੀਫਿੰਗ ਦੌਰਾਨ LPU ਮਾਮਲੇ ਨਾਲ ਸਬੰਧਤ ਤਾਜ਼ਾ ਸਥਿਤੀ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਉਮੀਦ ਹੈ।

