ਚੰਡੀਗੜ੍ਹ : ਕੌਮੀ ਘੱਟ ਗਿਣਤੀ ਕਮਿਸ਼ਨ (NCM) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਰਹਿਣ ਵਾਲੇ ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਹਿਰਾਸਤ ਦੌਰਾਨ ਹੋਏ ਤਸ਼ੱਦਦ ਦੇ ਮਾਮਲੇ ’ਚ ਗੰਭੀਰ ਨੋਟਿਸ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਹ ਅੱਜ ਦੁਪਹਿਰ ਬਾਅਦ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਇਲਾਜ ਅਧੀਨ ਮੋਹਣਜੀਤ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਮਾਮਲੇ ਨਾਲ ਸਬੰਧਤ ਉੱਚ ਅਧਿਕਾਰੀਆਂ ਨਾਲ ਬੈਠਕ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵੱਲੋਂ ਇਹ ਦੌਰਾ ਮੋਹਣਜੀਤ ਸਿੰਘ ਨਾਲ ਸਬੰਧਤ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪ੍ਰਾਪਤ ਹੋਈ ਸ਼ਿਕਾਇਤ ਦੇ ਸੰਦਰਭ ਵਿੱਚ ਕੀਤਾ ਜਾ ਰਿਹਾ ਹੈ। ਸ਼ਿਕਾਇਤ ਅਨੁਸਾਰ, 2 ਸਤੰਬਰ ਨੂੰ ਪਿੰਡ ਸ਼ੇਰੋਂ, ਸੁਨਾਮ ਵਿਖੇ ਹੋਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੋਹਣਜੀਤ ਸਿੰਘ ਨੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਦੇ ਵਿਰੋਧ ਵਿੱਚ ਕਾਲਾ ਝੰਡਾ ਦਿਖਾਇਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਸ ਤੋਂ ਬਾਅਦ ਉਸ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਅਤੇ ਬਿਜਲੀ ਦੇ ਝਟਕੇ ਦਿੱਤੇ ਗਏ। ਇਸ ਦੌਰਾਨ ਹਰਜੀਤ ਸਿੰਘ ਗਰੇਵਾਲ ਵੱਲੋਂ ਹਸਪਤਾਲ ਵਿਖੇ ਮੋਹਣਜੀਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਵਿੱਚ ਉਠਾਏ ਗਏ ਮਾਮਲੇ ਅਤੇ ਹਾਲਾਤ ਬਾਰੇ ਜਾਣਕਾਰੀ ਲਈ ਜਾਵੇਗੀ। ਦੂਜੇ ਪਾਸੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਉਕਤ ਮਾਮਲੇ ਨਾਲ ਸਬੰਧਤ ਫਾਈਲਾਂ, ਰਿਕਾਰਡ, ਜਾਂਚ ਦਸਤਾਵੇਜ਼, ਮੈਡੀਕਲ ਰਿਪੋਰਟਾਂ ਅਤੇ ਹੋਰ ਸਬੰਧਤ ਸਮੱਗਰੀ ਸਮੇਤ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਚੇਅਰਮੈਨ ਨੂੰ ਮਾਮਲੇ ਦੀ ਅਸਲ ਸਥਿਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਸਕੇ। ਜ਼ਿਕਰਯੋਗ ਹੈ ਕਿ ਸ਼ਿਕਾਇਤ ਵਿੱਚ ਇਹ ਵੀ ਗੰਭੀਰ ਦੋਸ਼ ਲਗਾਏ ਗਏ ਹਨ ਕਿ ਹਿਰਾਸਤ ਦੌਰਾਨ ਉਸ ਦੀ ਧਾਰਮਿਕ ਮਰਿਆਦਾ ਨੂੰ ਠੇਸ ਪਹੁੰਚਾਈ ਗਈ, ਉਸ ਦੀ ਪੱਗ ਜ਼ਬਰਦਸਤੀ ਲਾਹੀ ਗਈ ਅਤੇ ਕੇਸਾਂ ਤੇ ਦਾੜ੍ਹੀ ਦੀ ਬੇਅਦਬੀ ਕੀਤੀ ਗਈ।

