ਚੇਤਨਪੁਰਾ : ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਕਰਨਬੀਰ ਸਿੰਘ ਉਰਫ਼ ਕਰਮਵੀਰ ਦਾ ਪੁਲੀਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲੀਸ ਮੁਤਾਬਕ ਉਕਤ ਮੁਲਜ਼ਮ ਬੀਤੇ ਦਿਨ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ ਅਤੇ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਘੁੰਮ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਮੁਲਜ਼ਮ ਦੀ ਕੰਦੋਵਾਲੀ ਨੇੜੇ ਮੌਜੂਦਗੀ ਸਬੰਧੀ ਸੂਚਨਾ ਮਿਲੀ ਸੀ, ਜਿਸ ਉਪਰੰਤ ਪੁਲੀਸ ਟੀਮ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕਰ ਲਈ। ਪੁਲੀਸ ਅਨੁਸਾਰ ਜਦੋਂ ਟੀਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇੱਕ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਿਆ। ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋਣ ਦੀ ਸੂਚਨਾ ਹੈ। ਘਟਨਾ ਤੋਂ ਬਾਅਦ ਪੁਲੀਸ ਵੱਲੋਂ ਇਲਾਕੇ ਨੂੰ ਘੇਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
19 ਸਾਲਾ ਲੜਕੇ ਨੇ ਪੁਲੀਸ ਅਧਿਕਾਰੀ ਨੂੰ ਮਾਰੀ ਸੀ ਗੋਲੀ
ਏ.ਐਸ.ਆਈ. ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਲੋੜੀਂਦਾ ਕਰਨਬੀਰ ਸਿੰਘ 19 ਸਾਲਾਂ ਦਾ ਸੀ।
ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੰਡੇਰ ਪੁਲੀਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਰਾਜਾਸਾਂਸੀ ਥਾਣਾ ਅਧੀਨ ਆਉਂਦੇ ਪਿੰਡ ਝੰਜੋਟੀ ਦਾ ਰਹਿਣ ਵਾਲਾ ਕਰਨਬੀਰ ਸਿੰਘ ਇਲਾਕੇ ਵਿੱਚ ਘੁੰਮ ਰਿਹਾ ਹੈ ਅਤੇ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਪੁਲੀਸ ਮੁਤਾਬਕ ਜਦੋਂ ਕਰਨ ਨੂੰ ਮੋਟਰਸਾਈਕਲ ‘ਤੇ ਆਉਂਦਿਆਂ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲੀਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲੀਸ ਵੱਲੋਂ 5 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਕਰਨਬੀਰ ਸਿੰਘ ਦੀ ਲੱਤ ਅਤੇ ਛਾਤੀ ਵਿੱਚ ਲੱਗੀਆਂ। ਉਸ ਨੂੰ ਸਿਵਲ ਹਸਪਤਾਲ ਅਜਨਾਲਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕਰਨਬੀਰ ਸਿੰਘ ਨੂੰ ਪਹਿਲਾਂ ਵੀ ਭੱਲਾ ਪਿੰਡ ਸ਼ੂਗਰ ਮਿਲ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਰਾਜਾਸਾਂਸੀ ਥਾਣੇ ਵਿੱਚ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਮਜੀਠਾ ਇਲਾਕੇ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ, ਜਿਸ ਦੇ ਸਬੰਧ ਵਿੱਚ ਮਜੀਠਾ ਪੁਲੀਸ ਸਟੇਸ਼ਨ ਵਿੱਚ ਇੱਕ ਵੱਖਰੀ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਤੋਂ ਇਲਾਵਾ, ਪੁਲੀਸ ਮੁਤਾਬਕ ਕਰਨਬੀਰ ਸਿੰਘ ਨੂੰ 2025 ਵਿੱਚ ਘਰਿੰਡਾ ਪੁਲੀਸ ਸਟੇਸ਼ਨ ਵਿੱਚ ਦਰਜ ਇੱਕ ਐੱਫ.ਆਈ.ਆਰ. ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ, ਜਿਸ ਸਮੇਂ ਉਸ ਨੂੰ ਨਾਬਾਲਗ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਜ਼ਮਾਨਤ ਮਿਲ ਗਈ ਸੀ।
ਪੁਲੀਸ ਨੇ ਦਾਅਵਾ ਕੀਤਾ ਹੈ ਕਿ ਮੌਕੇ ਤੋਂ ਇੱਕ ਗਲੌਕ 9-ਐੱਮ.ਐੱਮ. ਪਿਸਤੌਲ, ਇੱਕ 30-ਬੋਰ ਦਾ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਆਈ.ਜੀ. ਭੁੱਲਰ ਨੇ ਕਿਹਾ ਕਿ ਘਟਨਾ ਦੇ ਪੂਰੇ ਕ੍ਰਮ ਨੂੰ ਸਮਝਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।

