ਕਿਸੇ ਵੀ ਸੱਭਿਆਚਾਰ ਅਤੇ ਸਮਾਜ ਦੀ ਮਜ਼ਬੂਤੀ ਦਾ ਅੰਦਾਜ਼ਾ ਉਸ ਸਮਾਜ ਵਿੱਚ ਆਪਣੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਦੇਣ ਦੇ ਢੰਗ ਤਰੀਕੇ ਤੋਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਇਸ ਦਿਸ਼ਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਿਤ ਹੋ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਸੂਬੇ ਦੇ ਸਮੁੱਚੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਪ੍ਰਦਾਨ ਕਰਨਾ ਹੈ ਤਾਂ ਜੋ ਬੁਢਾਪੇ ਵਿੱਚ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਨੇ ਬਜ਼ੁਰਗਾਂ ਦੀ ਭਲਾਈ ਲਈ ਪ੍ਰਸ਼ਾਸਨਿਕ ਕੰਮਕਾਜ ਨੂੰ ਬਹੁਤ ਸੁਖਾਲਾ ਬਣਾ ਦਿੱਤਾ ਹੈ। ਹੁਣ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਕੋਈ ਲੋੜ ਨਹੀਂ ਰਹੀ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 1076 ਹੈਲਪਲਾਈਨ ਰਾਹੀਂ ਉਹ ਘਰ ਬੈਠੇ ਹੀ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ ਅਤੇ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਸਕੀਮ ਤਹਿਤ ਰਾਸ਼ੀ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਨਿਰਭਰਤਾ ਯਕੀਨੀ ਬਣੀ ਹੈ। ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੈ। ‘ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਅਤੇ ਭਲਾਈ ਐਕਟ, 2007’ ਤਹਿਤ ਹੁਣ ਤੱਕ ਹਜ਼ਾਰਾਂ ਮਾਮਲਿਆਂ ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਦੁਰਵਿਹਾਰ, ਅਣਦੇਖੀ ਜਾਂ ਸ਼ੋਸ਼ਣ ਦੀ ਰੋਕਥਾਮ ਲਈ ‘ਐਲਡਰ ਹੈਲਪਲਾਈਨ ਨੰਬਰ 14567’ ਦਿਨ-ਰਾਤ ਕਾਰਜਸ਼ੀਲ ਹੈ, ਜਿੱਥੇ ਉਹ ਬਿਨਾਂ ਕਿਸੇ ਝਿਜਕ ਤੋਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

