Punjabi Celebrities Gang Threats: ਭਾਰਤ ਤੋਂ ਕੈਨੇਡਾ ਤੱਕ ਪੰਜਾਬੀ ਕਲਾਕਾਰਾਂ ’ਤੇ ਮੰਡਰਾ ਰਿਹਾ ਖ਼ਤਰਾ

Punjabi Celebrities Gang Threats: ਭਾਰਤ ਤੋਂ ਕੈਨੇਡਾ ਤੱਕ ਪੰਜਾਬੀ ਕਲਾਕਾਰਾਂ ’ਤੇ ਮੰਡਰਾ ਰਿਹਾ ਖ਼ਤਰਾ

ਬਰਨਾਲਾ : ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਲੰਘੀ ਸ਼ਨੀਵਾਰ ਅੱਧੀ ਰਾਤ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਫਾਇਰਿੰਗ ਦੀ ਘਟਨਾ ਕੋਈ ਇਕੱਲੀ ਨਹੀਂ ਹੈ। ਪਿਛਲੇ ਕੁਝ ਸਾਲਾਂ ਵਿੱਚ ਕਈ ਪੰਜਾਬੀ ਕਲਾਕਾਰਾਂ ਨੂੰ ਹਮਲਿਆਂ, ਧਮਕੀਆਂ ਅਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨੇ ਪੰਜਾਬੀ ਮਨੋਰੰਜਨ ਜਗਤ ਨਾਲ ਜੁੜੀਆਂ ਸ਼ਖਸੀਅਤਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਤੋਂ ਪਹਿਲਾਂ 2018 ਵਿੱਚ ਮੁਹਾਲੀ ਵਿੱਚ ਗਾਇਕ ਪਰਮੀਸ਼ ਵਰਮਾ ’ਤੇ ਗੋਲੀ ਚਲਾਈ ਗਈ ਸੀ। ਇਸ ਤੋਂ ਚਾਰ ਸਾਲ ਬਾਅਦ ਮਈ 2022 ਵਿੱਚ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲੇ ਹੁਣ ਵਿਦੇਸ਼ਾਂ ਤੱਕ ਵੀ ਫੈਲ ਚੁੱਕੇ ਹਨ। ਕੈਨੇਡਾ ਵਿੱਚ ਗਾਇਕ ਕਰਨ ਔਜਲਾ ਦੇ ਘਰ ’ਤੇ ਕਈ ਵਾਰ ਹਮਲਾ ਹੋ ਚੁੱਕਾ ਹੈ। ਸਾਲ 2023 ਵਿੱਚ ਕੈਨੇਡਾ ਵਿੱਚ ਗਾਇਕ ਗਿੱਪੀ ਗਰੇਵਾਲ ਦੇ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ, ਜਦੋਂ ਕਿ 2024 ਵਿੱਚ ਗਾਇਕ ਏਪੀ ਢਿੱਲੋਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹਾਲ ਹੀ ਵਿੱਚ ਕੈਨੇਡਾ ਵਿੱਚ ਪੰਜਾਬੀ ਗਾਇਕ ਐਮੀ ਵਿਰਕ ਨਾਲ ਸਬੰਧਤ ਇੱਕ ਵਾਹਨ ’ਤੇ ਵੀ ਫਾਇਰਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਪਿਛਲੇ ਸਾਲ ਤਿੰਨ ਵੱਖ-ਵੱਖ ਫਾਇਰਿੰਗ ਦੀਆਂ ਘਟਨਾਵਾਂ ਵਾਪਰੀਆਂ ਸਨ, ਜਦੋਂਕਿ ਗਾਇਕ ਮਨਕੀਰਤ ਔਲਖ ਨੂੰ ਵੀ ਜਾਨੋਂ ਮਾਰਨ ਦੀਆਂ ਕਈ ਧਮਕੀਆਂ ਮਿਲ ਚੁੱਕੀਆਂ ਹਨ। ਦੇਸ਼-ਵਿਦੇਸ਼ ਵਿੱਚ ਵਾਪਰ ਰਹੀਆਂ ਇਹ ਲਗਾਤਾਰ ਘਟਨਾਵਾਂ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਨਾਲ ਜੁੜੀਆਂ ਦੱਸੀਆਂ ਜਾ ਰਹੀਆਂ ਹਨ। ਇੱਕ ਉੱਘੇ ਗਾਇਕ ਦੇ ਪਰਿਵਾਰਕ ਮੈਂਬਰ ਨੇ ‘ਟ੍ਰਿਬਿਊਨ’ ਨੂੰ ਦੱਸਿਆ ਕਿ ਸਖ਼ਤ ਮਿਹਨਤ ਤੋਂ ਬਾਅਦ ਮਿਲੀ ਸ਼ੋਹਰਤ ਅਤੇ ਕਮਾਇਆ ਪੈਸਾ ਹੁਣ ਉਨ੍ਹਾਂ ਲਈ ਮੁਸੀਬਤ ਦਾ ਕਾਰਨ ਬਣ ਗਿਆ ਹੈ। ਦੂਜੇ ਪਾਸੇ, ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ ਤੋਂ ਤਿੰਨ ਦਿਨ ਬਾਅਦ ਵੀ ਬਰਨਾਲਾ ਪੁਲੀਸ ਚੁੱਪ ਧਾਰੀ ਬੈਠੀ ਹੈ, ਜਦਕਿ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਮੁੱਖ ਗੇਟ ’ਤੇ ਛੇ ਰੌਂਦ ਫਾਇਰ ਕਰਨ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਚੁੱਕੀ ਹੈ। ਇੰਨਾ ਹੀ ਨਹੀਂ, ਭਗੌੜੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੋਨੀ ਬੱਲ ਨੇ ਕਥਿਤ ਆਡੀਓ ਕਲਿੱਪਾਂ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਹੈ।

Share: