ਸੁਪਰੀਮ ਕੋਰਟ ਹਾਲੀਆ ਚੋਣਾਂ ਰੱਦ ਕਰਨ ਬਾਰੇ ਵਿਚਾਰ ਕਰੇ: ਸਿੱਬਲ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਉੱਤੇ ਵੋਟਾਂ ਦੀ ਵਿਸ਼ੇਸ਼ ਸੁਧਾਈ ਸਬੰਧੀ ‘ਇਕਪਾਸੜ ਫੈਸਲੇ’ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਫੌਰੀ ਅਹੁਦੇ ਤੋਂ ਲਾਂਭੇ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਹਾਲ ਹੀ ਵਿੱਚ ਹੋਈਆਂ ਚੋਣਾਂ ਰੱਦ ਕਰਨ ਬਾਰੇ ਵਿਚਾਰ ਕਰੇ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਹੇਠ ਅਪਰਾਧਿਕ ਮੁਕੱਦਮੇ ਤੋਂ ਪੂਰੀ ਤਰ੍ਹਾਂ ਛੋਟ ਹੈ, ਪਰ ਸੀਮਾ ਖੰਨਾ, ਜੋ ਭਾਰਤੀ ਚੋਣ ਕਮਿਸ਼ਨ ਦੇ ਨੈੱਟ ਅਪਰੇਸ਼ਨਾਂ ਦਾ ਪ੍ਰਬੰਧ ਦੇਖ ਰਹੀ ਹੈ ਅਤੇ ਜਿਸ ਕੋਲ ਅਜਿਹੀ ਕੋਈ ਕਾਨੂੰਨੀ ਛੋਟ ਵੀ ਨਹੀਂ ਹੈ, ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਖਿਲਾਫ਼ ਐੱਫ ਆਈ ਆਰ ਦਰਜ ਹੋਵੇ। ਚੋਣ ਕਮਿਸ਼ਨ ਵੱਲੋਂ ਸ਼ਨਿੱਚਰਵਾਰ ਨੂੰ ਦਿੱਤੇ ਬਿਆਨ ਦੇ ਹਵਾਲੇ ਨਾਲ ਸਿੱਬਲ ਨੇ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਨੇ ਮੰਨਿਆ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਚੋਣ ਕਮਿਸ਼ਨ ਦੀ ਥਾਂ ਗਿਆਨੇਸ਼ ਕੁਮਾਰ ਨੇ ‘ਇਕਪਾਸੜ’ ਫੈਸਲੇ ਕੀਤੇ। ਇਹ ਸਾਰੇ ਫੈਸਲੇ ਦਸ ਮਹੀਨਿਆਂ ਦੇ ਅਰਸੇ ਦੌਰਾਨ ਕੀਤੇ ਗਏ, ਜਿਨ੍ਹਾਂ ਵਿੱਚ ਜੂਨ 2025 ਦੀਆਂ ਬਿਹਾਰ ਚੋਣਾਂ ਤੇ ਅਪਰੈਲ 2026 ਦੀਆਂ ਪੱੱਛਮੀ ਬੰਗਾਲ ਚੋਣਾਂ ਸ਼ਾਮਲ ਹਨ।

Share: