Bhai Beant Singh ਦੀ ਬਰਸੀ ਦਿਹਾੜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Bhai Beant Singh ਦੀ ਬਰਸੀ ਦਿਹਾੜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ : ਮਰਹੂਮ ਇੰਦਰਾ ਗਾਂਧੀ ਦੇ ਕਤਲ ਮੌਕੇ ਸੁਰੱਖਿਆ ਬਲਾਂ ਦੀ ਗੋਲੀ ਦਾ ਨਿਸ਼ਾਨਾ ਬਣੇ ਭਾਈ ਬੇਅੰਤ ਸਿੰਘ ਦੇ ਬਰਸੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ 1984 ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ, ਜੋ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਮਾਂਗਾਸਰਾਏ, ਸੁਪਰੀਟੈਂਨਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾਂ, ਹਰਵਿੰਦਰ ਸਿੰਘ ਤੋਂ ਇਲਾਵਾ ਭਾਈ ਵਰਿਆਮ ਸਿੰਘ ਅਗਵਾਨ, ਜਰਨੈਲ ਸਿੰਘ ਸਖੀਰਾ, ਤਰਸੇਮ ਸਿੰਘ ਸਮੇਤ ਹੋਰ ਮੌਜੂਦ ਸਨ।

Share: