Bihar Boat Accident: ਬਿਹਾਰ ਦੇ ਵੈਸ਼ਾਲੀ ’ਚ ਕਿਸ਼ਤੀ ਪਲਟਣ ਕਾਰਨ 13 ਹਲਾਕ

Bihar Boat Accident: ਬਿਹਾਰ ਦੇ ਵੈਸ਼ਾਲੀ ’ਚ ਕਿਸ਼ਤੀ ਪਲਟਣ ਕਾਰਨ 13 ਹਲਾਕ

ਚੰਡੀਗੜ੍ਹ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਵਿੱਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਕਿਸ਼ਤੀ ਵਿੱਚ ਕਰੀਬ 20 ਨੌਜਵਾਨ ਅਤੇ ਬੱਚੇ ਸਵਾਰ ਸਨ। ਮ੍ਰਿਤਕਾਂ ਦੀ ਉਮਰ 6 ਤੋਂ 18 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰਿਆ। ਜਾਣਕਾਰੀ ਅਨੁਸਾਰ ਕਿਸ਼ਤੀ ਵਿੱਚ ਸਵਾਰ ਲੋਕ ਗੰਗਾ ਦਰਿਆ ਦੇ ਦੂਜੇ ਪਾਸੇ ਸਥਿਤ ਇੱਕ ਪਿੰਡ ਵਿੱਚ ਦਾਅਵਤ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਕਿਸ਼ਤੀ ਦਰਿਆ ਵਿੱਚ ਪਲਟ ਗਈ। ਹਾਦਸੇ ਮਗਰੋਂ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਕਿਸ਼ਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੇ ਸਵਾਰ ਹੋਣ ਕਾਰਨ ਹਾਦਸੇ ਨੇ ਗੰਭੀਰ ਰੂਪ ਧਾਰ ਲਿਆ।

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟਾਇਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਚਾਰ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਵੈਸ਼ਾਲੀ ਦੀ ਜ਼ਿਲ੍ਹਾ ਮੈਜਿਸਟਰੇਟ ਵਰਸ਼ਾ ਸਿੰਘ ਨਾਲ ਘਟਨਾ ਬਾਰੇ ਜਾਣਕਾਰੀ ਲੈਣ ਲਈ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਟਿੱਪਣੀ ਲਈ ਉਪਲਬਧ ਨਹੀਂ ਹੋ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਕਿਸ਼ਤੀ ਪਲਟਣ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਹਾਦਸੇ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖ਼ਮੀ ਹੋਏ ਹਰੇਕ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ ਗੰਗਾ ਦਰਿਆ ਵਿੱਚ ਕਿਸ਼ਤੀ ਪਲਟ ਗਈ ਸੀ। ਮੁੱਢਲੀਆਂ ਰਿਪੋਰਟਾਂ ਅਨੁਸਾਰ ਕਿਸ਼ਤੀ ਵਿੱਚ ਕਰੀਬ 20 ਨੌਜਵਾਨ ਅਤੇ ਬੱਚੇ ਸਵਾਰ ਸਨ। ਹਾਦਸੇ ਵਿੱਚ 13 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਉਮਰ 6 ਤੋਂ 18 ਸਾਲ ਵਿਚਕਾਰ ਦੱਸੀ ਗਈ ਹੈ। ਇਸ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਵੀ ਮ੍ਰਿਤਕਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਤੇਜਸਵੀ ਯਾਦਵ ਨੇ 14 ਮ੍ਰਿਤਕ ਦੇਹਾਂ ਮਿਲਣ ਦਾ ਦਾਅਵਾ ਕੀਤਾ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਦਰਿਆ ’ਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ, ਜਦਕਿ ਛੇ ਜਣਿਆਂ ਨੂੰ ਬਚਾ ਲਿਆ ਗਿਆ ਹੈ। ਵਿਰੋਧੀ ਧਿਰ ਦੇ ਆਗੂ ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 14 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਹਾਲਾਂਕਿ, ਵੈਸ਼ਾਲੀ ਦੀ ਜ਼ਿਲ੍ਹਾ ਮੈਜਿਸਟਰੇਟ ਵਰਸ਼ਾ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ 13 ਜਣਿਆਂ ਦੀ ਮੌਤ ਹੋਈ ਹੈ ਅਤੇ ਛੇ ਜਣਿਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਜਾਰੀ ਹਨ।  ਤੇਜਸਵੀ ਯਾਦਵ ਨੇ ‘ਐਕਸ’ ’ਤੇ ਸਾਂਝੀ ਕੀਤੀ ਵੀਡੀਓ ਵਿੱਚ ਦਾਅਵਾ ਕੀਤਾ ਕਿ ਕਿਸ਼ਤੀ ਵਿੱਚ 30 ਜਣੇ ਸਵਾਰ ਸਨ। ਉਨ੍ਹਾਂ ਮੁਤਾਬਕ ਛੇ ਜਣਿਆਂ ਨੂੰ ਹਸਪਤਾਲ ਭੇਜਿਆ ਗਿਆ, ਜਦਕਿ ਤਿੰਨ ਜਣੇ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਡੁੱਬਣ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸਨ। ਉਨ੍ਹਾਂ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਵੀ ਕੀਤੀ।

Share: