ਚੰਡੀਗਡ਼੍ਹ : ਪੰਜਾਬ ਵਿੱਚ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਹੁਣ ਸੀ ਬੀ ਆਈ ਦੀ ਛਾਪੇਮਾਰੀ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਕੇਂਦਰ ’ਚ ਕਾਬਜ਼ ਭਾਜਪਾ ਆਹਮੋ-ਸਾਹਮਣੇ ਦਿਖਾਈ ਦੇ ਰਹੇ ਹਨ। ‘ਆਪ’ ਵੱਲੋਂ ਭਾਜਪਾ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਭਾਜਪਾ ਵੱਲੋਂ ਸੱਚ ਸਭ ਦੇ ਸਾਹਮਣੇ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਇਕ-ਦੂਜੇ ਖ਼ਿਲਾਫ਼ ਮੁਜ਼ਾਹਰੇ ਕੀਤੇ। ਆਮ ਆਦਮੀ ਪਾਰਟੀ ਨੇ ਕੇਂਦਰੀ ਦੀ ਭਾਜਪਾ ਸਰਕਾਰ ’ਤੇ ਕੇਂਦਰੀ ਜਾਂਚ ਏਜੰਸੀਆਂ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਬਰਨਾਲਾ ਵਿਖੇ ਮੁਜ਼ਾਹਰੇ ਕੀਤੇ, ਜਿਸ ਵਿੱਚ ‘ਆਪ’ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਫੁਹਾਰਾ ਚੌਕ ’ਚ, ਅੰਮ੍ਰਿਤਸਰ ਵਿੱਚ ‘ਆਪ’ ਵਿਧਾਇਕਾ ਜੀਵਨ ਜੋਤ ਕੌਰ, ਲੁਧਿਆਣਾ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਤੇ ਬਰਨਾਲਾ ਵਿੱਚ ਸੰਸਦ ਮੈਂਬਰ ਮੀਤ ਹੇਅਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ।
ਭਾਜਪਾ ਨੇ ਜ਼ਿਲ੍ਹਾ ਪੱਧਰ ’ਤੇ ਅਰਥੀ ਫੁੂਕ ਮੁਜ਼ਾਹਰੇ ਕੀਤੇ
ਪੰਜਾਬ ਭਾਜਪਾ ਨੇ ਅੱਜ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁਹਾਲੀ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤੇ ਗਏ। ਭਾਜਪਾ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਕਿਹਾ ਕਿ ‘ਆਪ’ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਿਆ ਹੈ। ਜਿਸ ਦੀ ਸਬੂਤ ਹਾਈਕੋਰਟ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਕੇ ਕਰ ਦਿੱਤਾ ਹੈ।
ਭ੍ਰਿਸ਼ਟਾਚਾਰ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਵਾਈ ਜਾਵੇ: ਸੁਨੀਲ ਜਾਖੜ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਵੱਲੋਂ ਸੂਬੇ ਵਿੱਚ ਸੀ ਬੀ ਆਈ ਦੇ ਛਾਪਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਸੀ ਬੀ ਆਈ ਨੇ ਕਾਰਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲਿਆਂ ਦੀ ਜਾਂਚ ਸਮਾਂ ਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ।
ਸੀ ਬੀ ਆਈ ਦੇ ਹੱਥ ਕੁਝ ਨਹੀਂ ਲੱਗਿਆ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਲਈ ਸੀ ਬੀ ਆਈ ਦੀ ਛਾਪੇਮਾਰੀ ਕਰਵਾਈ ਗਈ ਹੈ। ਸੀ ਬੀ ਆਈ ਵੱਲੋਂ 12 ਘੰਟੇ ਦੇ ਕਰੀਬ ਛਾਪੇਮਾਰੀ ਕੀਤੀ ਗਈ ਹੈ ਪਰ ਸੀ ਬੀ ਆਈ ਦੇ ਹੱਥ ਕੁਝ ਨਹੀਂ ਲੱਗ ਸਕਿਆ ਹੈ।
ਸੀ ਬੀ ਆਈ ਨੇ ਇਮਾਨਦਾਰ ਸਰਕਾਰ ਦੀ ਪੋਲ ਖੋਲ੍ਹੀ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ’ਚ ਸੀ ਬੀ ਆਈ ਦੀ ਛਾਪਿਆਂ ਮਗਰੋਂ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀ ਬੀ ਆਈ ਦੇ ਛਾਪਿਆਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਚੱਲ ਰਹੇ ਇਮਾਨਦਾਰ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

