CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕੌਕਰੇਚ ਜਨਤਾ ਪਾਰਟੀ (CJP) ਦੇ ਸੀਨੀਅਰ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸਰੋਤਾਂ ਅਨੁਸਾਰ ਇਹ ਕਾਰਵਾਈ ਸ਼ਹਿਰ ਵਿੱਚ ਬਣਾਏ ਗਏ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਕੀਤੀ ਗਈ। ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਸੀ.ਜੇ.ਪੀ. ਦੇ ਬਾਨੀ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਪਾਰਟੀ ਦੇ ਆਗੂਆਂ ਅਜਿੰਕਿਆ ਸ਼ਿੰਦੇ ਸਮੇਤ ਕਈ ਹੋਰ ਟੀਮ ਮੈਂਬਰਾਂ ਨੂੰ ਵੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦੀਪਕੇ ਨੇ ਲਿਖਿਆ, “ਕੌਮੀ ਝੰਡੇ ‘ਤਿਰੰਗੇ’ ਨਾਲ ਸਾਡੇ ਸਾਥੀ ਮੰਗਲਵਾਰ ਸਵੇਰੇ ਜੰਤਰ-ਮੰਤਰ ਵਿੱਚ ਦਾਖ਼ਲ ਹੋਏ ਸਨ, ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਚੁੱਕ ਲਿਆ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦਿਆਂ ਉਨ੍ਹਾਂ ਅੱਗੇ ਲਿਖਿਆ, “ਤੁਸੀਂ ਵਿਰੋਧੀਆਂ ਦੀ ਆਵਾਜ਼ ਨੂੰ ਖ਼ਤਮ (Denotify) ਨਹੀਂ ਕਰ ਸਕਦੇ।” ਦੀਪਕੇ ਵੱਲੋਂ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਸੀ.ਜੇ.ਪੀ. ਦੇ ਮੈਂਬਰ ਜੰਤਰ-ਮੰਤਰ ਦਾ ਗੇਟ ਟੱਪ ਕੇ ਅੰਦਰ ਵੜਦੇ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਨੂੰ ਪੁਲੀਸ ਮੁਲਾਜ਼ਮ ਤੁਰੰਤ ਭੱਜ ਕੇ ਕਾਬੂ ਕਰਦੇ ਦਿਖਾਈ ਦਿੰਦੇ ਹਨ। ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਰ ਪ੍ਰਕਿਰਿਆ (Special Intensive Revision) ਵਿੱਚ ਕਥਿਤ ਗੜਬੜੀਆਂ ਦੇ ਵਿਰੋਧ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਦਿੱਤੇ ਗਏ ਧਰਨੇ-ਪ੍ਰਦਰਸ਼ਨ ਦੇ ਸੱਦੇ ਤੋਂ ਬਾਅਦ ਕੀਤੀਆਂ ਗਈਆਂ ਹਨ। ਰਾਜਧਾਨੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਦਿੱਲੀ ਪੁਲੀਸ ਨੇ ਪੂਰੇ ਇਲਾਕੇ ਵਿੱਚ ਭਾਰੀ ਸੁਰੱਖਿਆ ਬਲ ਤੈਨਾਤ ਕੀਤੇ ਹੋਏ ਹਨ।

Share: