ਮੁੰਬਈ : ਮੁੰਬਈ ਪੁਲੀਸ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀਆਂ ਧਾਰਾਵਾਂ ਦੀ ਕਥਿਤ ਉਲੰਘਣਾ ਕਰਨ ਬਦਲੇ ਅਮਰੀਕੀ ਨਾਗਰਿਕ ਅਤੇ ਬਾਲੀਵੁੱਡ ਅਦਾਕਾਰ ਇਮਰਾਨ ਖ਼ਾਨ ਨੂੰ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਅਦਾਕਾਰ, ਜੋ ਕਿ ਸੁਪਰਸਟਾਰ ਅਮੀਰ ਖ਼ਾਨ ਦਾ ਭਤੀਜਾ ਹੈ, ਵੱਲੋਂ 10 ਅਕਤੂਬਰ ਨੂੰ ਮੁੰਬਈ ਵਿੱਚ ਇੱਕ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਤੋਂ ਬਾਅਦ ਹੋਈ ਹੈ, ਜਿੱਥੇ ਪ੍ਰਦਰਸ਼ਨਕਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਮੁਜ਼ਾਹਰੇ ਦੌਰਾਨ ਪੁਲੀਸ ਨੇ ਅਦਾਕਾਰ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਵੀ ਲਿਆ ਸੀ।
ਇੱਕ ਪੁਲੀਸ ਅਧਿਕਾਰੀ ਨੇ ਕਿਹਾ, “ਇਮਰਾਨ ਖ਼ਾਨ ਵਿਦੇਸ਼ੀ ਨਾਗਰਿਕਤਾ ਰੱਖਦੇ ਹਨ ਅਤੇ ਉਹ ਭਾਰਤੀ ਨਾਗਰਿਕ ਨਹੀਂ ਹਨ। ਵਿਦੇਸ਼ੀ/ਇਮੀਗ੍ਰੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ, ਵਿਦੇਸ਼ੀ ਨਾਗਰਿਕਾਂ ਦੇ ਭਾਰਤੀ ਧਰਤੀ ‘ਤੇ ਸਿਆਸੀ ਵਿਰੋਧ ਪ੍ਰਦਰਸ਼ਨਾਂ ਜਾਂ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ‘ਤੇ ਪਾਬੰਦੀ ਹੈ।”
ਪੁਲੀਸ ਨੇ ਦੱਸਿਆ ਕਿ ਅਦਾਕਾਰ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਦਾ ਨਿਰਦੇਸ਼ ਦਿੰਦਾ ਇੱਕ ਰਸਮੀ ਨੋਟਿਸ ਤਾਮੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਦੀ ਕਾਪੀ ਮਿਲ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਪ੍ਰਸ਼ਾਸਨਿਕ ਕਾਰਵਾਈ ਜਾਰੀ ਹੈ।
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਕਿਰੀਟ ਸੋਮੱਈਆ ਨੇ ਮੁੰਬਈ ਪੁਲੀਸ ਨੂੰ “ਵਿਦੇਸ਼ੀ ਨਾਗਰਿਕ” ਹੋਣ ਦੇ ਬਾਵਜੂਦ ਕਾਕਰੋਚ ਜਨਤਾ ਪਾਰਟੀ ਦੇ ਸਮਰਥਨ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਇਮਰਾਨ ਖ਼ਾਨ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ ਅਤੇ ਇਹ ਸਪੱਸ਼ਟਤਾ ਮੰਗੀ ਸੀ ਕਿ ਕੀ ਉਹ ਅਜਿਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਸਕਦੇ ਹਨ।
