SGPC Meeting: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰ

SGPC Meeting: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਅੰਤਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ। ਜਿਸ ਤਹਿਤ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ, ਪਰ ਸਰਕਾਰ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਖ਼ਿਲਾਫ਼ ਹੀ ਭੁਗਤ ਰਹੀ ਹੈ।
ਉਸ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਸੰਘਰਸ਼ ਅਤੇ ਇਸ ਮਕਸਦ ਲਈ ਦਿੱਤੀ ਸ਼ਹਾਦਤ ਨੂੰ ਸਦੀਵੀ ਯਾਦ ਰੱਖਣ ਦੇ ਉਦੇਸ਼ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਨੂੰ ਅੰਤਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ।
ਅੰਤਰਿੰਗ ਕਮੇਟੀ ਨੇ ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਧਰਨੇ ਵਿਚ ਸ਼ਾਮਲ ਹੋਏ ਕਰੀਬ 40 ਨੌਜਵਾਨਾਂ ਵਿਰੁੱਧ ਪੁਲੀਸ ਵੱਲੋਂ ਐਫ.ਆਈ.ਆਰ. ਦਰਜ ਕਰਨ, ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਅਤੇ ਬੀਬੀਆਂ ਨਾਲ ਵਧੀਕੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਇਸ ਸਬੰਧੀ ਮਤੇ ਵਿਚ ਅੰਤਰਿੰਗ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਨੌਜਵਾਨਾਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਸੇ ਤਰ੍ਹਾਂ ਰੋਸ ਵਜੋਂ ਲੱਗੇ ਧਰਨੇ ਵਿਚ ਸ਼ਾਮਲ ਹੋਣ ਗਏ ਨੌਜੁਆਨ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਦੁੱਖ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ’ਚ ਜੂਨ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੇ ਰੋਸ ਵਜੋਂ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ।
Share: