ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ 2021 ਦੇ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਦੀਵਾਲੀ ਮਨਾਉਣ ਲਈ ਆਪਣੇ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਟਿੱਪਣੀ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਸਮੇਂ ਸਿਰ ਮੁਕੰਮਲ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ, “ਟਰਾਇਲ ਵਿੱਚ ਨਾ ਤਾਂ ਬਹੁਤੀ ਕਾਹਲੀ ਹੋਣੀ ਚਾਹੀਦੀ ਹੈ ਤੇ ਨਾ ਹੀ ਲੰਮੀ ਦੇਰੀ। ਇਸਤਗਾਸਾ ਪੱਖ ਨੂੰ ਇੱਕ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ।” ਜ਼ਿਕਰਯੋਗ ਹੈ ਕਿ ਇਹ ਮਾਮਲਾ 3 ਅਕਤੂਬਰ 2021 ਦਾ ਹੈ, ਜਦੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਤਿਕੁਨੀਆ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ 8 ਲੋਕ ਮਾਰੇ ਗਏ ਸਨ। ਇੱਕ ਐੱਸ ਯੂ ਵੀ ਗੱਡੀ ਨੇ ਚਾਰ ਕਿਸਾਨਾਂ ਨੂੰ ਦਰੜ ਦਿੱਤਾ ਸੀ। ਇਸ ਤੋਂ ਬਾਅਦ, ਗੁੱਸੇ ਵਿੱਚ ਆਏ ਲੋਕਾਂ ਨੇ ਕਥਿਤ ਤੌਰ ‘ਤੇ ਗੱਡੀ ਦੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ।
ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਬਾਹਰ ਹੈ, ਪਰ ਉਸ ਨੂੰ ਆਪਣੇ ਜੱਦੀ ਸ਼ਹਿਰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਸੀ। ਮਿਸ਼ਰਾ ਦੇ ਵਕੀਲ ਸਿਧਾਰਥ ਦਵੇ ਦੀ ਅਪੀਲ ‘ਤੇ ਬੈਂਚ ਨੇ ਆਦੇਸ਼ ਦਿੱਤਾ, “ਪਟੀਸ਼ਨਕਰਤਾ ਨੂੰ ਪਹਿਲਾਂ ਲਗਾਈਆਂ ਗਈਆਂ ਸ਼ਰਤਾਂ ਦੇ ਅਧੀਨ ਦੀਵਾਲੀ ਮਨਾਉਣ ਲਈ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।”
ਯੂਪੀ ਸਰਕਾਰ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਇਲਾਹਾਬਾਦ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਜੱਜ ਦਾ ਤਬਾਦਲਾ ਕਰ ਦਿੱਤਾ ਹੈ ਅਤੇ ਮਾਮਲੇ ਦੀ ਪੈਰਵੀ ਲਈ ਨਵਾਂ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ ਹੈ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ 131 ਵਿੱਚੋਂ 90 ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ। ਪੀੜਤਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤੀ ਘਟਨਾਕ੍ਰਮਾਂ ‘ਤੇ ਤਸੱਲੀ ਪ੍ਰਗਟਾਈ।
ਦਸੰਬਰ 2023 ਵਿੱਚ ਹੇਠਲੀ ਅਦਾਲਤ ਨੇ ਮਿਸ਼ਰਾ ਅਤੇ 12 ਹੋਰਾਂ ਖਿਲਾਫ਼ ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਣੇ ਹੋਰ ਦੋਸ਼ ਤੈਅ ਕੀਤੇ ਸਨ। ਇਸ ਤੋਂ ਪਹਿਲਾਂ 6 ਅਗਸਤ ਨੂੰ ਸੁਪਰੀਮ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਹੋਰ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

