ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਸ਼ਨੀਵਾਰ ਤੜਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੀ ਪ੍ਰਧਾਨ ਨੇਹਾ ਬੋਰਾ ਨੂੰ ਰਿਹਾਅ ਕਰ ਦਿੱਤਾ ਹੈ, ਜਦੋਂਕਿ ‘ਕੌਕਰੇਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ (SEM) ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲੀਸ ਅਨੁਸਾਰ ਇਨ੍ਹਾਂ ਦੋਵਾਂ ਨੂੰ ਸ਼ੁੱਕਰਵਾਰ ਨੂੰ ਇੱਥੋਂ ਦੇ ਕਨਾਟ ਪਲੇਸ ਵਿਖੇ ਕੱਢੇ ਜਾਣ ਵਾਲੇ ‘ਲਹਿਰਾ ਦੋ ਤਿਰੰਗਾ’ ਰੋਸ ਮਾਰਚ ਤੋਂ ਪਹਿਲਾਂ ਇਹਤਿਆਤੀ ਹਿਰਾਸਤ ਵਿੱਚ ਲਿਆ ਗਿਆ ਸੀ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨੇਹਾ ਬੋਰਾ ਨੂੰ ਦਿੱਲੀ ਪੁਲੀਸ ਐਕਟ ਦੀ ਧਾਰਾ 65 ਤਹਿਤ ਹਿਰਾਸਤ ਨਾਲ ਸਬੰਧਤ ਕਾਰਵਾਈ ਪੂਰੀ ਹੋਣ ਤੋਂ ਬਾਅਦ ਛੱਡ ਦਿੱਤਾ ਗਿਆ ਹੈ, ਜਦਕਿ ਦੀਪਕੇ ਖ਼ਿਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀਆਂ ਧਾਰਾਵਾਂ 126 ਅਤੇ 170 ਤਹਿਤ ਅਮਨ-ਸ਼ਾਂਤੀ ਭੰਗ ਕਰਨ ਦਾ ਨਵਾਂ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸ.ਈ.ਐਮ. ਅਦਾਲਤ ਇਹ ਤੈਅ ਕਰੇਗੀ ਕਿ ਦੀਪਕੇ ਨੂੰ ਜੇਲ੍ਹ ਭੇਜਿਆ ਜਾਵੇਗਾ ਜਾਂ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਵੀ ਦੀਪਕੇ ਨੂੰ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇੱਕ ਸਾਲ ਤੱਕ ਸ਼ਾਂਤੀ ਬਣਾਏ ਰੱਖਣ ਲਈ ਬਾਂਡ ਭਰਵਾਇਆ ਗਿਆ ਸੀ। ਰਿਹਾਅ ਹੋਣ ਤੋਂ ਬਾਅਦ ਨੇਹਾ ਬੋਰਾ ਨੇ ਦਿੱਲੀ ਪੁਲੀਸ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ “ਗ਼ੈਰ-ਕਾਨੂੰਨੀ” ਕਰਾਰ ਦਿੱਤਾ। ਉਨ੍ਹਾਂ ਨੇ ਐਸ.ਆਈ.ਆਰ. (SIR) ਪ੍ਰਕਿਰਿਆ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਅਪੀਲ ਕੀਤੀ। ਬੋਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੰਡੀ ਹਾਊਸ ਤੋਂ ਹਿਰਾਸਤ ਵਿੱਚ ਲੈ ਕੇ ਪੂਰੀ ਰਾਤ ਥਾਣੇ ਰੱਖਿਆ ਗਿਆ ਅਤੇ ਵਕੀਲਾਂ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ।
ਏ.ਆਈ.ਐਸ.ਏ. (AISA) ਨੇ ਦੋਸ਼ ਲਾਇਆ ਕਿ ਹਿਰਾਸਤ ਵਿੱਚ ਲੈਣ ਤੋਂ ਬਾਅਦ ਨੇਹਾ ਬੋਰਾ ਨੂੰ ਪੰਜ ਘੰਟੇ ਤੱਕ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁਮਾਇਆ ਗਿਆ ਅਤੇ ਬਾਅਦ ਵਿੱਚ ਆਰ.ਕੇ. ਪੁਰਮ ਥਾਣੇ ਲਿਜਾਇਆ ਗਿਆ, ਜਿੱਥੇ ਤਬੀਅਤ ਖ਼ਰਾਬ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਦਵਾਈਆਂ ਤੱਕ ਨਹੀਂ ਦਿੱਤੀਆਂ ਗਈਆਂ। ਦੂਜੇ ਪਾਸੇ, ਪੁਲੀਸ ਅਨੁਸਾਰ ਅਮਨ-ਕਾਨੂੰਨ ਦੀ ਸਥਿਤੀ ਅਤੇ ਟਰੈਫ਼ਿਕ ਵਿਵਸਥਾ ਬਣਾਏ ਰੱਖਣ ਲਈ ਲਗਭਗ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਰੈਪਿਡ ਐਕਸ਼ਨ ਫੋਰਸ (RAF) ਸਮੇਤ ਵਾਧੂ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ।
