ਫਗਵਾੜਾ / ਜਲੰਧਰ (ਮਨੀਸ਼ ਰਿਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਤੇਜ਼ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਵਿੱਚੋਂ ਇਕ ਐਲਪੀਯੂ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ ਇਕ ਹੋਰ ਨੌਜਵਾਨ ਫਗਵਾੜਾ ਦੇ ਮੁਹੱਲਾ ਟਿੱਬੀ ਦਾ ਰਹਿਣ ਵਾਲਾ ਅਤੇ ਡੋਮੀਨੋਜ਼ ਵਿੱਚ ਡਿਲਿਵਰੀ ਦਾ ਕੰਮ ਕਰਨ ਵਾਲਾ ਦੱਸਿਆ ਗਿਆ ਹੈ। ਪੁਲੀਸ ਵੱਲੋਂ ਤਿੰਨਾਂ ਨੂੰ ਫਗਵਾੜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗਗਨ, ਜੇਮਸ ਦਹੀਆ ਅਤੇ ਅਭੀ ਵਜੋਂ ਦੱਸੀ ਗਈ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਡਿਜੀਟਲ ਸਬੂਤਾਂ ਅਤੇ ਵੀਡੀਓ ਫੁਟੇਜ ਦੀ ਜਾਂਚ ਦੇ ਆਧਾਰ ’ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਦੇ ਅੰਤ ਵਿੱਚ ਸੋਸ਼ਲ ਮੀਡੀਆ ’ਤੇ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਸਬੰਧੀ ਰੌਲਾ ਪੈਣ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਨੇ ਬਾਅਦ ਵਿੱਚ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਕੈਂਪਸ ਵਿੱਚ ਭੰਨਤੋੜ, ਅੱਗਜ਼ਨੀ, ਪੁਲੀਸ ਨਾਲ ਝੜਪ ਅਤੇ ਐਨਐਚ-44 ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਪੁਲੀਸ ਸੂਤਰਾਂ ਅਨੁਸਾਰ ਹਿੰਸਾ ਦੌਰਾਨ ਬਣੀਆਂ ਵੀਡੀਓਜ਼ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਕਲਿੱਪਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵੀਡੀਓ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੇ ਆਧਾਰ ’ਤੇ ਹਿੰਸਾ ਅਤੇ ਭੰਨਤੋੜ ਵਿੱਚ ਕਥਿਤ ਤੌਰ ’ਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜਾਂਚ ਟੀਮਾਂ ਵੱਲੋਂ ਹੋਰ ਸ਼ੱਕੀ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਗਗਨ ਦੇ ਮਾਮਲੇ ਵਿੱਚ ਉਸ ਦੇ ਮਾਮੇ ਨੇ ਦੱਸਿਆ ਕਿ ਪਰਿਵਾਰ ਨੂੰ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਗਗਨ ਨੂੰ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਗਗਨ ਬੀਤੇ ਦਿਨ ਤੋਂ ਲਾਪਤਾ ਸੀ ਅਤੇ ਅੱਜ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਉਸ ਨੇ ਫੋਨ ਕਰਕੇ ਪਰਿਵਾਰ ਨੂੰ ਆਪਣੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਫਗਵਾੜਾ ਅਦਾਲਤ ਪਹੁੰਚੇ।
ਪਰਿਵਾਰਕ ਮੈਂਬਰਾਂ ਅਨੁਸਾਰ ਗਗਨ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ ਅਤੇ ਉਹ ਕਰੀਬ ਡੇਢ ਮਹੀਨੇ ਤੋਂ ਡੋਮੀਨੋਜ਼ ਵਿੱਚ ਡਿਲਿਵਰੀ ਦਾ ਕੰਮ ਕਰ ਰਿਹਾ ਸੀ। ਪਰਿਵਾਰ ਵੱਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਹੈ। ਦੂਜੇ ਪਾਸੇ ਥਾਣਾ ਸਤਨਾਮਪੁਰਾ ਦੇ ਅਧਿਕਾਰੀ ਨੇ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਪਰ ਮੁਲਜ਼ਮਾਂ ਦੀ ਕਥਿਤ ਭੂਮਿਕਾ ਸਬੰਧੀ ਵਿਸਥਾਰਤ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ।
ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨਾਂ ਵਿੱਚੋਂ ਇਕ ਦੇ ਐਲਪੀਯੂ ਦਾ ਵਿਦਿਆਰਥੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹਿੰਸਾ ਵਿੱਚ ਉਨ੍ਹਾਂ ਦੀ ਕਥਿਤ ਭੂਮਿਕਾ, ਹੋਰ ਵਿਅਕਤੀਆਂ ਨਾਲ ਸੰਪਰਕ ਅਤੇ ਘਟਨਾਕ੍ਰਮ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਪੁਲੀਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਿੰਸਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਕੁਝ ਵਿਅਕਤੀ ਹੋਰਨਾਂ ਰਾਜਾਂ ਨਾਲ ਸਬੰਧਤ ਹੋ ਸਕਦੇ ਹਨ। ਪੁਲੀਸ ਵੱਲੋਂ ਵੀਡੀਓ ਫੁਟੇਜ, ਸੀਸੀਟੀਵੀ ਅਤੇ ਹੋਰ ਡਿਜੀਟਲ ਸਬੂਤਾਂ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਐਲਪੀਯੂ ਹਿੰਸਾ ਦੇ ਸਬੰਧ ਵਿੱਚ ਸਤਨਾਮਪੁਰਾ ਅਤੇ ਸਦਰ ਫਗਵਾੜਾ ਥਾਣਿਆਂ ਵਿੱਚ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚ ਹਾਈਵੇਅ ਰੋਕਣ, ਪੁਲੀਸ ਨਾਲ ਝੜਪ, ਭੰਨਤੋੜ ਅਤੇ ਲੁੱਟ-ਖੋਹ ਸਮੇਤ ਵੱਖ-ਵੱਖ ਦੋਸ਼ਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਹਿੰਸਾ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਗਠਿਤ ਕੀਤੀ ਗਈ ਹੈ।

