ਵੋਟ ਚੋਰੀ ਦੇ ਗੰਭੀਰ ਦੋਸ਼ਾਂ ਅਤੇ ਮੁੱਖ ਚੋਣ ਕਮਿਸ਼ਨਰ (CEC) ਦੀ ਕਾਰਜਪ੍ਰਣਾਲੀ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿਆਸੀ ਤਾਪਮਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਕਾਂਗਰਸ ਸਮੇਤ ‘ਇੰਡੀਆ’ ਬਲਾਕ ਵਿੱਚ ਸ਼ਾਮਲ ਸਮੁੱਚੀਆਂ ਵਿਰੋਧੀ ਪਾਰਟੀਆਂ ਅੱਜ ਦੇਸ਼ ਦੀ ਸਰਵਉੱਚ ਅਦਾਲਤ ਯਾਨੀ ਸੁਪਰੀਮ ਕੋਰਟ ਤੱਕ ਵਿਸ਼ਾਲ ਰੋਸ ਮਾਰਚ ਕੱਢ ਰਹੀਆਂ ਹਨ। ਇਸ ਪ੍ਰਦਰਸ਼ਨ ਨੂੰ ਕਾਂਗਰਸ ਪਾਰਟੀ ਵੱਲੋਂ ‘ਚਲੋ ਦਿੱਲੀ-ਮਾਰਚ ਫ਼ਾਰ ਡੈਮੋਕਰੇਸੀ’ ਦਾ ਨਾਂ ਦਿੱਤਾ ਗਿਆ ਹੈ। ਤੈਅ ਪ੍ਰੋਗਰਾਮ ਮੁਤਾਬਕ ਵਿਰੋਧੀ ਧਿਰ ਦੇ ਸਾਰੇ ਪ੍ਰਮੁੱਖ ਨੇਤਾ ਦੁਪਹਿਰ 1:30 ਵਜੇ ਕਨਾਟ ਪਲੇਸ-ਬਾਰਾਖੰਭਾ ਰੋਡ ਜੰਕਸ਼ਨ ‘ਤੇ ਇਕੱਠੇ ਹੋਣਗੇ ਅਤੇ ਉੱਥੋਂ ਮਾਰਚ ਦੀ ਸ਼ੁਰੂਆਤ ਕਰਨਗੇ।
ਇਸ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਰਣਨੀਤਕ ਤੌਰ ’ਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਭਾਰਤ ਦੇ ਮੁੱਖ ਜੱਜ (CJI) ਸੂਰਜ ਕਾਂਤ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਸੰਬੰਧੀ ਮੰਗ ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ। ਹਾਲਾਂਕਿ, ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀ.ਜੇ.ਆਈ. ਨੇ ਰਾਹੁਲ ਗਾਂਧੀ ਅਤੇ ਖੜਗੇ ਨੂੰ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅਦਾਲਤੀ ਹਲਕਿਆਂ ਦਾ ਤਰਕ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਨਿਆਇਕ ਪੱਖ ਤਹਿਤ ਵਿਚਾਰ ਅਧੀਨ ਹਨ, ਜਿਸ ਕਾਰਨ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ।

