Parvinder Jhota case: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕਈ ਆਗੂ ਘਰਾਂ ’ਚ ਨਜ਼ਰਬੰਦ

Parvinder Jhota case: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕਈ ਆਗੂ ਘਰਾਂ ’ਚ ਨਜ਼ਰਬੰਦ

ਅੰਮ੍ਰਿਤਸਰ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਦੌਰਾਨ ਲੱਖਾ ਸਿਧਾਣਾ ਅਤੇ ਹੋਰਨਾਂ ਨੂੰ ਪੰਜਾਬ ਪੁਲੀਸ ਵੱਲੋਂ ਜਬਰੀ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮੂਹ ਵਰਕਰਾਂ ਨੇ ਮਾਨਸਾ ਮੋਰਚੇ ਵਿੱਚ ਸ਼ਮੂਲੀਅਤ ਕਰਨੀ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸੇ ਤਹਿਤ ਸਵੇਰੇ ਕਰੀਬ 5:30 ਵਜੇ ਅੰਮ੍ਰਿਤਸਰ ਵਿਖੇ ਰਹਿੰਦੇ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੂੰ ਪੰਜਾਬ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰਦਿਆਂ ਭਾਈ ਪੱਧਰੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਤੰਤਰ ਵਿੱਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਉੱਠ ਰਹੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਕੇ ਪੰਜਾਬੀਆਂ ਦੀ ਹੱਕ-ਸੱਚ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ, ਪਰ ਅਜਿਹੀਆਂ ਕਾਰਵਾਈਆਂ ਨਾਲ ਇਨਸਾਫ਼ ਦੀ ਲੜਾਈ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਦਬਾਉਣ ਵਾਲੀ ਇਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਹੈ।

Share: