ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਸਿਆਸੀ ਰਣਨੀਤੀ ਘੜਨ ਲਈ ਅੱਜ ਪਾਰਟੀ ਦੇ ਮੁੱਖ ਦਫ਼ਤਰ ਇੰਦਰਾ ਭਵਨ ਵਿਖੇ ਸੂਬਾਈ ਲੀਡਰਸ਼ਿਪ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਜਥੇਬੰਦਕ) ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿੱਚ ਹੋਈ ਇਸ ਅਹਿਮ ਮੀਟਿੰਗ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੈ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ।
ਮੀਟਿੰਗ ਦੌਰਾਨ ਮੁੱਖ ਤੌਰ ’ਤੇ ਸੰਗਰੂਰ ਰੈਲੀ ਦੀ ਸਫ਼ਲਤਾ ਅਤੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ (ਆਪ) ਨੂੰ ਘੇਰਨ ਲਈ ਜ਼ਮੀਨੀ ਪੱਧਰ ’ਤੇ ਲਾਮਬੰਦੀ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਨਿਰਣਾਇਕ ਸਿਆਸੀ ਤਬਦੀਲੀ ਵੱਲ ਵੇਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਨੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ਿਆਂ ਦਾ ਕਹਿਰ, ਗੈਂਗਸਟਰਵਾਦ ਅਤੇ ਅਸੁਰੱਖਿਆ ਦਾ ਮਾਹੌਲ ਬਣ ਚੁੱਕਾ ਹੈ। ਖੜਗੇ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ, ਤਰੱਕੀ ਅਤੇ ਅਮਨ-ਸ਼ਾਂਤੀ ਕਾਇਮ ਕਰਨ ਲਈ ਕਾਂਗਰਸ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਖੜਗੇ ਦੀ ਅਗਵਾਈ ਹੇਠ ਹੋਏ ਇਸ ਮੰਥਨ ਵਿੱਚ ਵਿਧਾਨ ਸਭਾ ਚੋਣਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਹਮੇਸ਼ਾ ਤਜਰਬੇ ਅਤੇ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕੀਤੀ ਹੈ ਅਤੇ ਸੂਬੇ ਦੀ ਜਨਤਾ 2027 ਦੀਆਂ ਚੋਣਾਂ ਵਿੱਚ ‘ਆਪ’ ਅਤੇ ਪੰਜਾਬ ਵਿਰੋਧੀ ਭਾਜਪਾ ਦੋਵਾਂ ਨੂੰ ਨਕਾਰ ਕੇ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਏਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਵੇਣੂਗੋਪਾਲ ਵੱਲੋਂ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿੱਥੇ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਸੀ ਕਿ ਕਿਸੇ ਵੀ ਆਗੂ ਵੱਲੋਂ ਅਨੁਸ਼ਾਸਨਹੀਣਤਾ ਜਾਂ ਅੰਦਰੂਨੀ ਖ਼ਾਨਾਜੰਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਹਾਈਕਮਾਂਡ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਸਮੂਹਿਕ ਅਗਵਾਈ ਹੇਠ ਲੜੇਗੀ ਅਤੇ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਆਪਣੀ ਵੱਖਰੀ ਮੁਹਿੰਮ ਚਲਾਉਣ ਦੀ ਖੁੱਲ੍ਹ ਨਹੀਂ ਹੋਵੇਗੀ। 4 ਨਵੰਬਰ ਦੀ ਸੰਗਰੂਰ ‘ਇਨਸਾਫ਼ ਰੈਲੀ’ ਨੂੰ ਰਾਹੁਲ ਗਾਂਧੀ ਵੱਲੋਂ ਸੰਬੋਧਨ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਨੂੰ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਅਤੇ ਜਥੇਬੰਦਕ ਤਾਕਤ ਦੇ ਵੱਡੇ ਪ੍ਰਦਰਸ਼ਨ ਵਜੋਂ ਵੇਖਿਆ ਜਾ ਰਿਹਾ ਹੈ।

