Punjab DA Arrears: ਮੁੜ ਵੱਜਿਆ ਬਿਗਲ, ਅੱਜ ਤੋਂ ਸਮੂਹਿਕ ਛੁੱਟੀ ’ਤੇ ਜਾਣਗੇ ਲੱਖਾਂ ਮੁਲਾਜ਼ਮ

Punjab DA Arrears: ਮੁੜ ਵੱਜਿਆ ਬਿਗਲ, ਅੱਜ ਤੋਂ ਸਮੂਹਿਕ ਛੁੱਟੀ ’ਤੇ ਜਾਣਗੇ ਲੱਖਾਂ ਮੁਲਾਜ਼ਮ

ਚੰਡੀਗੜ੍ਹ : ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਮੱਦੇਨਜ਼ਰ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਲੱਖਾਂ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣਗੇ। ਦੋ ਦਿਨਾ ਰੋਸ ਪ੍ਰੋਗਰਾਮ ਕਾਰਨ ਬੁੱਧਵਾਰ ਤੇ ਵੀਰਵਾਰ ਨੂੰ ਸਰਕਾਰੀ ਦਫ਼ਤਰਾਂ ’ਚ ਕੰਮ ਠੱਪ ਰਹਿਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਇੱਕ ਤਰੀਕੇ ਨਾਲ ਇਹ ਸੰਘਰਸ਼ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ। ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ 18 ਫ਼ੀਸਦੀ ਬਕਾਇਆ ਡੀ.ਏ. (ਮਹਿੰਗਾਈ ਭੱਤਾ) ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਨੂੰ ਬਹਾਲ ਕਰਨਾ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਸ਼ਾਮਲ ਹਨ। ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨਹੀਂ ਮੰਨੀਆਂ। ਜਾਣਕਾਰੀ ਅਨੁਸਾਰ ਮੁਲਾਜ਼ਮਾਂ ਵੱਲੋਂ ਇੱਥੇ ਪੰਜਾਬ ਸਿਵਲ ਸਕੱਤਰੇਤ ਅਤੇ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Share: