ਜਲੰਧਰ (ਮਨੀਸ਼ ਰਿਹਾਨ) : ਕਮਿਸ਼ਨਰੇਟ ਪੁਲੀਸ ਜਲੰਧਰ ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਦੇ ਦੋ ਵਿਅਕਤੀਆਂ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ ‘ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ, ਦੋਵੇਂ ਵਾਸੀ ਪਿੰਡ ਨਿਹਾਲੂਵਾਲ (ਜਲੰਧਰ ਦਿਹਾਤੀ), ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐੱਨ ਡੀ ਪੀ ਐੱਸ ਐਕਟ ਤਹਿਤ ਕਈ ਮਾਮਲੇ ਦਰਜ ਹਨ।
ਪੁਲੀਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ, ਜਿਸ ਦੀ ਵਰਤੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 29 ਸਤੰਬਰ ਨੂੰ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ‘ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ ਅਤੇ ਬਾਅਦ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਵੀਡੀਓ ਵੀ ਵਾਇਰਲ ਕੀਤੀ ਸੀ। ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਐੱਫ ਆਈ ਆਰ ਦਰਜ ਕੀਤੀ ਅਤੇ ਡੀ ਸੀ ਪੀ ਸਿਟੀ ਆਦਿਤਿਆ ਐੱਸ ਵਾਰੀਅਰ ਅਤੇ ਡੀ ਸੀ ਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧ ਵਿੱਚ, ਥਾਣਾ ਚੱਬੇਵਾਲ ਵਿਖੇ ਭਾਰਤੀ ਨਿਆ ਸੰਹਿਤਾ ਦੀ ਧਾਰਾ ਤਹਿਤ ਮਾਮਲਾ ਦਰਜ ਹੈ।
ਉੱਥੇ ਹੀ ਜਲੰਧਰ ਪੁਲੀਸ ਨੇ ਮੁਲਜ਼ਮਾਂ ਵਿਰੁੱਧ ਬੀ ਐੱਨ ਐੱਸ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ। ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਇਸ ਮਾਮਲੇ ਨਾਲ ਜੁੜੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ।

