ਵੋਟ ਚੋਰੀ ਦੇ ਮਾਮਲੇ ’ਤੇ ਸੁਪਰੀਮ ਕੋਰਟ ਦਾ ਰੁਖ਼ ਕਰਾਂਗੇ: Rahul Gandhi

ਵੋਟ ਚੋਰੀ ਦੇ ਮਾਮਲੇ ’ਤੇ ਸੁਪਰੀਮ ਕੋਰਟ ਦਾ ਰੁਖ਼ ਕਰਾਂਗੇ: Rahul Gandhi

ਨਵੀਂ ਦਿੱਲੀ : ਵਿਰੋਧੀ ਧਿਰ ਦੇ ਇੰਡੀਆ ਗੱਠਜੋੜ ਦੇ 10 ਸੰਸਦ ਮੈਂਬਰਾਂ ਦੇ ਵਫ਼ਦ ਨੇ ਸ਼ੁੱਕਰਵਾਰ ਰਾਤ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਮੁਲਾਕਾਤ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪੂਰੇ ਦੇਸ਼ ਨੂੰ ਪਤਾ ਹੈ ਕਿ ਵੋਟਾਂ ਦੀ ਚੋਰੀ ਹੋ ਰਹੀ ਹੈ ਅਤੇ ਰਾਸ਼ਟਰਪਤੀ ਨੇ ਵੀ ਇਸ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਧਿਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਰਾਹੁਲ ਗਾਂਧੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਵਿਰੋਧੀ ਧਿਰ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐਸ ਆਈ ਆਰ) ਦੌਰਾਨ ਕਥਿਤ ਬੇਨਿਯਮੀਆਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਮੁਤਾਬਕ, ਇਸ ਮਾਮਲੇ ਵਿੱਚ ਅਗਲਾ ਕਦਮ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਹੋਵੇਗਾ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਵਫ਼ਦ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਹੈ, ਜਿੱਥੇ ਵੋਟਾਂ ਦੀ ਚੋਰੀ ਹੋਣ ਦੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨੇ ਇਨ੍ਹਾਂ ਦੋਸ਼ਾਂ ਦੇ ਸਬੂਤ ਮੰਗੇ ਹਨ ਅਤੇ ਵਿਰੋਧੀ ਧਿਰ ਸਬੂਤ ਇਕੱਠੇ ਕਰ ਰਹੀ ਹੈ। ਖੜਗੇ ਮੁਤਾਬਕ, ਰਾਸ਼ਟਰਪਤੀ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਹੈ।

ਜ਼ਿਕਰਯੋੋਗ ਹੈ ਕਿ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੀ ਪ੍ਰਕਿਰਿਆ ’ਤੇ ਸਵਾਲ ਉਠਾਏ ਹਨ। ਇਸ ਦੌਰਾਨ ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਵੀ ਲਿਆ ਸੀ।

ਵਿਰੋਧੀ ਧਿਰਾਂ ਨੇ ਪਹਿਲਾਂ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ, ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਮਿਲਣ ਮਗਰੋਂ ਇਹ ਮਾਰਚ ਰੱਦ ਕਰ ਦਿੱਤਾ ਗਿਆ। ਵਿਰੋਧੀ ਧਿਰਾਂ ਦੀ ਮੰਗ ਹੈ ਕਿ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਉਨ੍ਹਾਂ ਦੇ ਇਤਰਾਜ਼ਾਂ ’ਤੇ ਕਾਰਵਾਈ ਕੀਤੀ ਜਾਵੇ।

ਗਿਆਨੇਸ਼ ਕੁਮਾਰ ਖ਼ਿਲਾਫ਼ ਮੋਰਚੇ ’ਚ ਮਮਤਾ ਬੈਨਰਜੀ ਵੀ ਸ਼ਾਮਲ

ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ੁੱਕਰਵਾਰ ਨੂੰ ਪਹਿਲੀ ਵਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ। ਦਿੱਲੀ ਵਿੱਚ ਸੰਸਦ ਦੇ ਕੇਂਦਰੀ ਹਾਲ ਵਿੱਚ ਹੋਏ ਇਸ ਇਕੱਠ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਮਲਿਕਾਰਜੁਨ ਖੜਗੇ ਸਮੇਤ ਵਿਰੋਧੀ ਧਿਰ ਦੇ ਹੋਰ ਆਗੂ ਮੌਜੂਦ ਸਨ।

ਖੜਗੇ ਨੇ ਸਰਕਾਰ ’ਤੇ ਡਰਨ ਦਾ ਦੋਸ਼ ਲਾਇਆ

ਪ੍ਰਦਰਸ਼ਨ ਦੌਰਾਨ ਮਲਿਕਾਰਜੁਨ ਖੜਗੇ ਨੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ, “ਇਹ ਸਰਕਾਰ ਡਰੀ ਹੋਈ ਹੈ।” ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਾਇਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਹੋ ਰਹੀਆਂ ਹਨ। ਉਹ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰ ਰਹੇ ਹਨ।

ਰਾਹੁਲ ਤੇ ਪ੍ਰਿਯੰਕਾ ਖ਼ਿਲਾਫ਼ ਚਾਰ ਐੱਫਆਈਆਰ ਦਰਜ

ਇਸ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਖ਼ਿਲਾਫ਼ ਚਾਰ ਐੱਫਆਈਆਰ ਦਰਜ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਇਹ ਮਾਮਲੇ ਪਿਛਲੇ ਤਿੰਨ ਦਿਨਾਂ ਦੌਰਾਨ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਝੜਪਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਫ਼ੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ।

ਰਾਹੁਲ ਗਾਂਧੀ ਦਾ ਰਾਸ਼ਟਰਪਤੀ ਬਾਰੇ ਦਾਅਵਾ ਝੂਠਾ: ਭਾਜਪਾ

ਭਾਜਪਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਉਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੋਟ ਚੋਰੀ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ ਅਤੇ ਇੰਡੀਆ ਗੱਠਜੋੜ ਦੇ ਵਫ਼ਦ ਵੱਲੋਂ ਰੱਖੀਆਂ ਗੱਲਾਂ ਨੂੰ ਸਵੀਕਾਰ ਕਰ ਲਿਆ। ਭਾਜਪਾ ਨੇ ਰਾਹੁਲ ਗਾਂਧੀ ’ਤੇ ‘ਝੂਠੀ ਸਿਆਸਤ’ ਕਰਨ ਦਾ ਦੋਸ਼ ਵੀ ਲਾਇਆ।

ਇਹ ਪ੍ਰਤੀਕਿਰਿਆ ਇੰਡੀਆ ਗੱਠਜੋੜ ਦੇ ਆਗੂਆਂ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਸ਼ਾਮ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਕਥਿਤ ਵੋਟ ਚੋਰੀ ਬਾਰੇ ਮੰਗ ਪੱਤਰ ਸੌਂਪਣ ਮਗਰੋਂ ਆਈ। ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਹ ਇਹ ਜਾਣ ਕੇ ਹੈਰਾਨ ਹਨ ਕਿ ਰਾਸ਼ਟਰਪਤੀ ਨੇ ਵੋਟ ਚੋਰੀ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ ਅਤੇ ਵਿਰੋਧੀ ਆਗੂਆਂ ਦੀਆਂ ਗੱਲਾਂ ਨੂੰ ਸਵੀਕਾਰ ਕੀਤਾ।

ਰਾਹੁਲ ਗਾਂਧੀ ਝੂਠ ਬੋਲ ਰਹੇ ਹਨ’: ਤ੍ਰਿਵੇਦੀ

ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਰਾਹੁਲ ਗਾਂਧੀ ਦੇ ਦਾਅਵੇ ਨੂੰ ਗਲਤ ਕਰਾਰ ਦਿੰਦਿਆਂ ਕਿਹਾ, “ਉਹ ਝੂਠ ਬੋਲ ਰਹੇ ਹਨ।” ਉਨ੍ਹਾਂ ਦੋਸ਼ ਲਾਇਆ ਕਿ ਰਾਸ਼ਟਰਪਤੀ ਵੱਲੋਂ ਵਿਰੋਧੀ ਧਿਰ ਦੇ ਦੋਸ਼ ਸਵੀਕਾਰ ਕਰਨ ਬਾਰੇ ਰਾਹੁਲ ਦਾ ਬਿਆਨ ਉਸ ਸਿਆਸੀ ਰਵੱਈਏ ਨੂੰ ਦਰਸਾਉਂਦਾ ਹੈ, ਜਿਸ ਤਹਿਤ ਉਹ ਸੰਵਿਧਾਨਕ ਸੰਸਥਾਵਾਂ ਨੂੰ ਆਪਣੀ ਸਿਆਸਤ ਦਾ ਨਿਸ਼ਾਨਾ ਬਣਾ ਰਹੇ ਹਨ। ਤ੍ਰਿਵੇਦੀ ਨੇ ਕਿਹਾ ਕਿ ਮੁਲਾਕਾਤ ਦੌਰਾਨ ਅਸਲ ਵਿੱਚ ਕੀ ਹੋਇਆ, ਇਹ ਗੱਲ ਇੰਡੀਆ ਗੱਠਜੋੜ ਦੇ ਵਫ਼ਦ ਤੋਂ ਇਲਾਵਾ ਕੋਈ ਹੋਰ ਹੀ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਬੋਲਣ ਦੇ ਢੰਗ ਅਤੇ ਉਨ੍ਹਾਂ ਨਾਲ ਖੜ੍ਹੇ ਆਗੂਆਂ ਦੇ ਹਾਵ-ਭਾਵ ਤੋਂ ਵੀ ਇਹ ਸੰਕੇਤ ਮਿਲਦੇ ਸਨ ਕਿ ਕਹੀਆਂ ਜਾ ਰਹੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਮੇਲ ਨਹੀਂ ਸੀ।

ਰਾਸ਼ਟਰਪਤੀ ਨਾਲ ਮੁਲਾਕਾਤ ਨੂੰ ਸਿਆਸੀ ਮਕਸਦ ਲਈ ਵਰਤਣ ਦਾ ਦੋਸ਼

ਭਾਜਪਾ ਦੇ ਰਾਜ ਸਭਾ ਮੈਂਬਰ ਨੇ ਸਵਾਲ ਕੀਤਾ ਕਿ ਰਾਹੁਲ ਗਾਂਧੀ ਕੋਲ ਆਪਣੇ ਦਾਅਵੇ ਦੇ ਕੀ ਸਬੂਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਗੂ ਨੇ ਰਾਸ਼ਟਰਪਤੀ ਨਾਲ ਵਿਰੋਧੀ ਧਿਰ ਦੀ ਮੁਲਾਕਾਤ ਨੂੰ ਆਪਣੇ ਸਿਆਸੀ ਮਕਸਦ ਲਈ ਵਰਤਿਆ ਹੈ।

ਤ੍ਰਿਵੇਦੀ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸੰਵਿਧਾਨਕ ਸੰਸਥਾਵਾਂ ਬਾਰੇ ਭੰਬਲਭੂਸਾ ਪੈਦਾ ਕਰਨਾ, ਬੇਬੁਨਿਆਦ ਤੇ ਗੁੰਮਰਾਹਕੁਨ ਬਿਆਨ ਦੇਣਾ ਅਤੇ ਇਸ ਰਾਹੀਂ ਆਪਣਾ ਸਿਆਸੀ ਏਜੰਡਾ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਬਣਾਉਣ ਵਾਲਿਆਂ ਨੇ ਸ਼ਾਇਦ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ ਵਿਰੋਧੀ ਧਿਰ ਦੇ ਨੇਤਾ ਦੇ ਉੱਚ ਅਹੁਦੇ ’ਤੇ ਬੈਠਾ ਵਿਅਕਤੀ ਅਜਿਹਾ ਵਿਹਾਰ ਕਰੇਗਾ।

Share: