ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਅੱਜ ਐਲਾਨੇ ਜਾਣ ਦੀ ਉਮੀਦ ਹੈ। ਉਮੀਦਵਾਰਾਂ ਦੀ ਚੋਣ ‘ਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ,ਜਿਸ ਦੀ ਪ੍ਰਧਾਨਗੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਪਾਰਟੀ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕੀਤੇ ਜਾਣ ਦਰਮਿਆਨ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਦੂਜੀ ਸੂਚੀ ਵਿੱਚ ਕੁਝ ਕੈਬਨਿਟ ਮੰਤਰੀਆਂ,ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਨਾਂ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਉਮੀਦਵਾਰਾਂ ਦੀ ਜਿੱਤਣ ਦੀ ਸਮਰੱਥਾ ਅਤੇ ਆਪਣੀ ਚੋਣ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ।
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪਾਰਟੀ ਪਹਿਲਾਂ ਹੀ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਚੁੱਕੀ ਹੈ,ਜਿਸ ਨਾਲ ਮੌਜੂਦਾ ਕਾਰਜਕਾਲ ਪੂਰਾ ਹੋਣ ਤੋਂ ਕਾਫ਼ੀ ਪਹਿਲਾਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਇਸ ਤਰ੍ਹਾਂ ਉਹ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਵਾਲੀ ਪਹਿਲੀ ਸਿਆਸੀ ਪਾਰਟੀ ਬਣ ਗਈ ਹੈ।
‘ਆਪ’ ਨੇ 31 ਅਕਤੂਬਰ ਨੂੰ 40 ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਕਈ ਮੌਜੂਦਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਉਮੀਦਵਾਰ ਐਲਾਨਿਆ ਗਿਆ ਸੀ,ਜਦਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਸੀ। ਪਾਰਟੀ ਨੇ ਉਨ੍ਹਾਂ ਕਈ ਵਿਧਾਇਕਾਂ ਨੂੰ ਵੀ ਮੁੜ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਆਪਣੇ-ਆਪਣੇ ਹਲਕਿਆਂ ਤੋਂ ਜਿੱਤ ਦਰਜ ਕੀਤੀ ਸੀ।
ਇਸ ਐਲਾਨ ਤੋਂ ਬਾਅਦ, ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕਾਂ ਨੇ ਅਸਤੀਫ਼ੇ ਦੇ ਦਿੱਤੇ ਸਨ। ਸਨੌਰ ਦੀ ਨੁਮਾਇੰਦਗੀ ਕਰਨ ਵਾਲੇ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿੱਚ ਇਹ ਦੋਵੇਂ ‘ਆਪ’ ਦੇ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸਪੀਕਰ ਵੱਲੋਂ ਸਬੰਧਤ ਅਸਤੀਫ਼ੇ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਸਮਾਣਾ,ਸਨੌਰ ਅਤੇ ਅੰਮ੍ਰਿਤਸਰ ਉੱਤਰੀ ਹਲਕਿਆਂ ਦੀਆਂ ਸੀਟਾਂ ਖ਼ਾਲੀ ਹੋ ਗਈਆਂ ਸਨ।
ਦੂਜੀ ਸੂਚੀ ਨਾਲ ਪਾਰਟੀ ਦੀ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਬਾਰੇ ਹੋਰ ਸਪੱਸ਼ਟਤਾ ਆਉਣ ਦੀ ਉਮੀਦ ਹੈ, ਖ਼ਾਸ ਕਰਕੇ ਉਨ੍ਹਾਂ ਹਲਕਿਆਂ ਵਿੱਚ ਜਿੱਥੇ ਮੰਤਰੀਆਂ, ਮੌਜੂਦਾ ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਅਹੁਦੇਦਾਰਾਂ ਦੇ ਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

