Amritpal Singh parole: ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੇ ਰੌਂਅ ’ਚ ਪੰਜਾਬ ਸਰਕਾਰ

Amritpal Singh parole: ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੇ ਰੌਂਅ ’ਚ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ-ਦੋ ਦਿਨ ਦੀ ਪੈਰੋਲ ਦੇਣ ਦੇ ਰੌਂਅ ’ਚ ਹੈ ਤਾਂ ਜੋ ਸੰਸਦ ਮੈਂਬਰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋ ਸਕੇ। ਪਰਿਵਾਰਕ ਮੈਂਬਰਾਂ ਨੇ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਹਸਪਤਾਲ ’ਚ ਰੱਖਿਆ ਹੋਇਆ ਹੈ ਤੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਭਲਕੇ ਅੰਮ੍ਰਿਤਸਰ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਜਾਣੀ ਹੈ। ਪਟੀਸ਼ਨ ਦਾਇਰ ਕਰਕੇ ਦੋ ਜਾਂ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਜਾਵੇਗੀ। ਪਰਿਵਾਰ ਨੇ ਸੰਸਦ ਮੈਂਬਰ ਦੀ ਦਾਦੀ ਦਾ ਸਸਕਾਰ ਨਾ ਕਰਨ ਦੀ ਵਿਉਂਤ ਬਣਾਈ ਹੈ। ਉਂਝ ਪਰਿਵਾਰ 15 ਨਵੰਬਰ ਨੂੰ ਸਸਕਾਰ ਕਰਨਾ ਚਾਹੁੰਦਾ ਹੈ ਅਤੇ 17 ਨਵੰਬਰ ਨੂੰ ਭੋਗ ਸਮਾਗਮ ਰੱਖਣ ਦੀ ਸੰਭਾਵਨਾ ਹੈ। ਪਰਿਵਾਰ ਚਾਹੁੰਦਾ ਹੈ ਕਿ ਅੰਮ੍ਰਿਤਪਾਲ ਸਿੰਘ ਸਸਕਾਰ ਤੋਂ ਇਲਾਵਾ ਭੋਗ ਸਮਾਗਮਾਂ ’ਚ ਵੀ ਸ਼ਾਮਲ ਹੋ ਸਕੇ। ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਦਫ਼ਤਰ ਨੇ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੇਣ ਲਈ ਇੱਕ ਦਿਨ ਦੀ ਪੈਰੋਲ ਦੇਣ ਲਈ ਗ਼ੈਰ-ਰਸਮੀ ਤੌਰ ’ਤੇ ਹਾਮੀ ਭਰ ਦਿੱਤੀ ਹੈ ਅਤੇ ਅੰਮ੍ਰਿਤਸਰ ਅਦਾਲਤ ’ਚ ਸੂਬਾ ਸਰਕਾਰ ਵੱਲੋਂ ਪੈਰੋਲ ਦਾ ਵਿਰੋਧ ਕਰਨ ਦੀ ਘੱਟ ਗੁੰਜਾਇਸ਼ ਜਾਪਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਪੈਰੋਲ ਮਾਮਲੇ ’ਚ ਪਹਿਲਾਂ ਸਰਕਾਰ ਦਾ ਰੁਖ਼ ਦੇਖਣਗੇ ਅਤੇ ਫ਼ਿਲਹਾਲ ਤਿੰਨ ਦਿਨ ਮ੍ਰਿਤਕ ਦੇਹ ਨੂੰ ਰੱਖਣ ਦਾ ਫ਼ੈਸਲਾ ਕੀਤਾ ਹੈ। ਪਤਾ ਲੱਗਿਆ ਹੈ ਕਿ ਇਸ ਬਾਬਤ ਰਾਜਪਾਲ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ ਵੀ ਮਿਲਣ ਦਾ ਪ੍ਰੋਗਰਾਮ ਬਣਾ ਰਿਹਾ ਹੈ। ਜਥੇਬੰਦੀ ਆਖ ਚੁੱਕੀ ਹੈ ਕਿ ਜੇ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਲੋਕਾਂ ਦੇ ਚੁਣੇ ਨੁਮਾਇੰਦੇ ਨੂੰ ਕਿਉਂ ਨਹੀਂ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਚਰਨ ਕੌਰ ਦਾ ਲੰਘੀ ਸ਼ਾਮ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ 84 ਵਰ੍ਹਿਆਂ ਦੇ ਸਨ ਅਤੇ ਕੁਝ ਮਹੀਨਿਆਂ ਤੋਂ ਬਿਮਾਰ ਸਨ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਉਨ੍ਹਾਂ ਦਾ ਇਕ ਹੋਰ ਰਿਸ਼ਤੇਦਾਰ ਸੁਖਮਨਜੀਤ ਸਿੰਘ ਵੀ ਜੇਲ੍ਹ ਵਿੱਚ ਨਜ਼ਰਬੰਦ ਹੈ। ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਚਰਨ ਕੌਰ ਦਾ ਸਸਕਾਰ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤਰੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਜੀਤ ਸਿੰਘ ਦੀ ਹਾਜ਼ਰੀ ਵਿੱਚ ਹੀ ਕੀਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਨੇ ਕਾਨੂੰਨੀ ਚਾਰਾਜੋਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ 10 ਨਵੰਬਰ ਨੂੰ ਸਥਾਨਕ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਜਾਵੇਗੀ। ਇਸ ਸਬੰਧੀ ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਸਮੇਤ ਵਕੀਲਾਂ ਦੇ ਪੈਨਲ ਨੇ ਅੰਮ੍ਰਿਤਸਰ ਕੋਰਟ ਕੰਪਲੈਕਸ ’ਚ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ, ਪ੍ਰਗਟ ਸਿੰਘ ਮੀਰਾਂਕੋਟ ਅਤੇ ਮਹਿੰਦਰਪਾਲ ਸਿੰਘ ਤੁੰਗ ਵੀ ਮੌਜੂਦ ਸਨ।

Share: