ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਅਰਜ਼ੀ ’ਤੇ ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਯਾਤਰਾ ਸਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਇਸ ਮਗਰੋਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਦੀ ਤਰੀਕ ਨਿਰਧਾਰਤ ਕੀਤੀ ਸੀ। ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਜੀਠੀਆ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਉਹ ਵਿਦੇਸ਼ ਜਾਣ ਲਈ ਕਿਹੜੀ ਉਡਾਣ ਰਾਹੀਂ ਸਫ਼ਰ ਕਰਨਗੇ, ਕਿਹੜੇ ਸ਼ਹਿਰ ਜਾਣਗੇ ਅਤੇ ਉੱਥੇ ਕਿੱਥੇ ਠਹਿਰਨਗੇ। ਵਿਜੀਲੈਂਸ ਮੁਤਾਬਕ ਇਨ੍ਹਾਂ ਅਹਿਮ ਵੇਰਵਿਆਂ ਤੋਂ ਬਿਨਾਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ।
ਮਜੀਠੀਆ ਨੇ ਦਸੰਬਰ ਮਹੀਨੇ ਵਿੱਚ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਮੁਹਾਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੋਈ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ’ਤੇ ਹਨ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੈ।
ਮੋਬਾਈਲ ਫ਼ੋਨ ਵਾਪਸ ਲੈਣ ਦੀ ਅਰਜ਼ੀ ’ਤੇ ਸੁਣਵਾਈ 30 ਨੂੰ
ਇਸੇ ਮਾਮਲੇ ਦੀ ਜਾਂਚ ਦੌਰਾਨ ਜ਼ਬਤ ਕੀਤੇ ਗਏ ਮੋਬਾਈਲ ਫ਼ੋਨ ਵਾਪਸ ਲੈਣ ਸਬੰਧੀ ਮਜੀਠੀਆ ਵੱਲੋਂ ਦਾਇਰ ਅਰਜ਼ੀ ’ਤੇ ਵੀ ਸੁਣਵਾਈ 30 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦੋ ਦਿਨ ਪਹਿਲਾਂ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਵਿਦੇਸ਼ ਯਾਤਰਾ ਨਾਲ ਸਬੰਧਤ ਸਾਰੀ ਜਾਣਕਾਰੀ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਵੇਰਵੇ ਅਦਾਲਤ ਦੇ ਸਾਹਮਣੇ ਰੱਖੇ ਜਾ ਚੁੱਕੇ ਹਨ। ਦੋਵਾਂ ਧਿਰਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ’ਤੇ ਫ਼ੈਸਲਾ ਦੇਣ ਦੀ ਥਾਂ ਸੁਣਵਾਈ 23 ਨਵੰਬਰ ਲਈ ਮੁਲਤਵੀ ਕਰ ਦਿੱਤੀ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਨੇ ਦੋਸ਼ ਲਾਏ ਸਨ ਕਿ ‘ਆਪ’ ਸਰਕਾਰ ਮਿੱਥ ਕੇ ਸਾਬਕਾ ਅਕਾਲੀ ਆਗੂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।

