CBI Court Mohali: ਟਰਾਂਸਪੋਰਟਰ ਅਗਵਾ ਮਾਮਲੇ ’ਚ ਪੁਲੀਸ ਅਫਸਰ ਰੰਧਾਵਾ ਦੋਸ਼ੀ ਕਰਾਰ

CBI Court Mohali: ਟਰਾਂਸਪੋਰਟਰ ਅਗਵਾ ਮਾਮਲੇ ’ਚ ਪੁਲੀਸ ਅਫਸਰ ਰੰਧਾਵਾ ਦੋਸ਼ੀ ਕਰਾਰ

ਐੱਸ ਏ ਐੱਸ ਨਗਰ (ਮੁਹਾਲੀ) : ਮੁਹਾਲੀ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਲੁਧਿਆਣਾ ’ਚ ਵਿਆਹ ਸਮਾਗਮ ’ਚੋਂ ਅਗਵਾ ਅਤੇ ਲਾਪਤਾ ਕਰਨ ਦੇ 34 ਸਾਲ ਪੁਰਾਣੇ ਬਹੁ-ਚਰਚਿਤ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਨੂੰ ਭਲਕੇ (12 ਨਵੰਬਰ) ਸਜ਼ਾ ਸੁਣਾਈ ਜਾਵੇਗੀ। ਅਦਾਲਤ ਨੇ ਇਸ ਮਾਮਲੇ ਵਿਚ ਸ਼ੱਕ ਦਾ ਲਾਭ ਦਿੰਦਿਆਂ ਸਬੰਧਿਤ ਪੁਲੀਸ ਅਧਿਕਾਰੀ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ।

ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਹੋਰਾਂ ਨੇ ਦੱਸਿਆ ਕਿ ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਅਮਰੀਕ ਸਿੰਘ ਨੂੰ ਤਰਨ ਤਾਰਨ ਪੁਲੀਸ ਵੱਲੋਂ ਲੁਧਿਆਣਾ ਵਿਚਲੇ ਵਿਆਹ ਸਮਾਗਮ ਤੋਂ ਚੁੱਕਿਆ ਗਿਆ ਸੀ। ਇਸ ਮਗਰੋਂ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਾ। ਸੀ ਬੀ ਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸਾਲ 2000 ਵਿੱਚ ਕੇਸ ਦਰਜ ਕੀਤਾ ਅਤੇ 2001 ਵਿੱਚ ਗੁਰਮੀਤ ਸਿੰਘ, ਤਤਕਾਲੀ ਡੀ ਐੱਸ ਪੀ (ਡੀ) ਤਰਨ ਤਾਰਨ, ਇੰਸਪੈਕਟਰ ਸੂਬਾ ਸਿੰਘ, ਤਤਕਾਲੀ ਐੱਸ ਐੱਚ ਓ ਖਾਲੜਾ, ਐੱਸ ਆਈ ਸੁਰਿੰਦਰ ਸਿੰਘ, ਸਿਪਾਹੀ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏ ਐੱਸ ਆਈ ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਮੁਤਾਬਕ ਅਮਰੀਕ ਸਿੰਘ ਸਾਕਰੀ ਨੂੰ 25 ਨਵੰਬਰ 1992 ਨੂੰ ਤਰਨ ਤਾਰਨ ਦੀ ਪੁਲੀਸ ਪਾਰਟੀ ਨੇ ਹੋਟਲ ਅਮਲਤਾਸ਼ ਲੁਧਿਆਣਾ ਤੋਂ ਚੁੱਕਿਆ ਸੀ, ਜਿੱਥੇ ਉਹ ਆਪਣੀ ਭਾਣਜੀ ਦੇ ਵਿਆਹ ਵਿੱਚ ਸ਼ਰੀਕ ਸਨ। 1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ। ਉਸੇ ਸਾਲ, ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਵੱਡੇ ਪੱਧਰ ’ਤੇ ਲਾਸ਼ਾਂ ਨੂੰ ਲਾਵਾਰਿਸ ਅਤੇ ਅਣਪਛਾਤੀਆਂ ਦੱਸ ਕੇ ਸਸਕਾਰ ਕਰਨ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ। ਸਾਕਰੀ ਦੇ ਲਾਪਤਾ ਹੋਣ ਦਾ ਮਾਮਲਾ ਵੀ ਸੀ ਬੀ ਆਈ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ। ਮੁਲਜ਼ਮਾਂ ਵਿਰੁੱਧ 2000 ਵਿੱਚ ਦੋਸ਼ ਤੈਅ ਕੀਤੇ ਗਏ, ਪਰ ਅਦਾਲਤਾਂ ਦੇ ਨਿਰਦੇਸ਼ਾਂ ’ਤੇ ਇਸ ਮਾਮਲੇ ਦੀ ਸੁਣਵਾਈ ਕਰੀਬ 22 ਸਾਲ ਰੁਕੀ ਰਹੀ। ਵਕੀਲਾਂ ਅਨੁਸਾਰ ਸਾਲ 2022 ਵਿੱਚ ਮੁਕੱਦਮਾ ਸ਼ੁਰੂ ਹੋਇਆ ਤਾਂ ਸੀ ਬੀ ਆਈ ਵੱਲੋਂ ਅਦਾਲਤ ਵਿੱਚ ਪੇਸ਼ ਸਾਰੇ ਸਬੂਤਾਂ ਦਾ ਰਿਕਾਰਡ ਅਦਾਲਤ ਵਿਚੋਂ ਗਾਇਬ ਹੋ ਗਿਆ। ਹਾਈ ਕੋਰਟ ਦੇ ਹੁਕਮਾਂ ’ਤੇ ਮੁੜ ਸਾਰੇ ਸਬੂਤ ਇਕੱਤਰ ਕੀਤੇ ਗਏ। ਮੁਕੱਦਮੇ ਦੌਰਾਨ 47 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਪਰ ਸੁਣਵਾਈ ਦੌਰਾਨ ਸਿਰਫ਼ 16 ਗਵਾਹ ਹੀ ਪੇਸ਼ ਕੀਤੇ ਗਏ, ਬਹੁਤੇ ਗਵਾਹਾਂ ਦੀ ਸੁਣਵਾਈ ਰੁਕਣ ਦੌਰਾਨ ਮੌਤ ਹੋ ਗਈ। ਇਸੇ ਤਰ੍ਹਾਂ ਤਿੰਨ ਮੁਲਜ਼ਮਾਂ ਏ ਐੱਸ ਆਈ ਜਸਵੰਤ ਸਿੰਘ, ਐੱਸ ਆਈ ਸੁਰਿੰਦਰ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਦੀ ਵੀ ਮੌਤ ਹੋ ਗਈ, ਜਿਸ ਕਰ ਕੇ ਉਨ੍ਹਾਂ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਗਈ।

Share: