ਚੰਡੀਗਡ਼੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਐਨ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ’ਚ ਵੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਮਤਾ ਪਾਸ ਕੀਤਾ ਸੀ। ਮੁੱਖ ਮੰਤਰੀ ਨੇ ਸਵਾਲ ਕੀਤਾ ਸੀ ਕਿ ਕਿੰਨਾ ਕੁ ਸਮਾਂ ਦੂਰਬੀਨਾਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਰਹਾਂਗੇ?ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ। ਮੁੱਖ ਮੰਤਰੀ ਨੇ ‘ਐਕਸ’ ਉੱਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ।’’ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਜਲਦੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਹੈ ਅਤੇ ਜੇ ਉਦੋਂ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਸਕਦਾ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ।”
ਪੰਜਾਬ ਵਿਧਾਨ ਸਭਾ ’ਚ ਸਾਲ 1952 ਤੋਂ ਲੈ ਕੇ ਹੁਣ ਤੱਕ ਚਾਰ ਵਾਰ ਕਰਤਾਰਪੁਰ ਲਾਂਘੇ ਬਾਰੇ ਮਤਾ ਪਾਸ ਹੋ ਚੁੱਕਾ ਹੈ। ਪਹਿਲੀ ਵਾਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ 1 ਅਕਤੂਬਰ 2010 ਨੂੰ ਪੰਜਾਬ ਵਿਧਾਨ ਸਭਾ ’ਚ ਸ੍ਰੀ ਕਰਤਾਰਪੁਰ ਸਾਹਿਬ ਦੇ ਬੇਰੋਕ ਲਾਂਘੇ ਦੇ ਸੰਦਰਭ ’ਚ ਮਤਾ ਪਾਸ ਕੀਤਾ; ਦੂਸਰੀ ਦਫ਼ਾ ਕਾਂਗਰਸ ਸਰਕਾਰ ਨੇ 27 ਅਗਸਤ 2018 ਨੂੰ ਇਸੇ ਮੰਗ ਬਾਰੇ ਮਤਾ ਪਾਸ ਕੀਤਾ। 25 ਫਰਵਰੀ 2020 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈਆਂ ਰੋਕਾਂ ਹਟਾਉਣ ਬਾਰੇ ਮਤਾ ਪਾਸ ਹੋਇਆ ਸੀ। ਜਦੋਂ ਪਹਿਲੀ ਵਾਰ ਕਰਤਾਰਪੁਰ ਲਾਂਘਾ ਖੁੱਲ੍ਹਿਆ ਸੀ ਤਾਂ ਉਦੋਂ (ਮੁੱਖ ਮੰਤਰੀ) ਭਗਵੰਤ ਮਾਨ ਕਰਤਾਰਪੁਰ ਸਾਹਿਬ ਗਏ ਸਨ। ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।
ਵਪਾਰ ਖੁੱਲ੍ਹਾ, ਲਾਂਘਾ ਬੰਦ: ਧਾਲੀਵਾਲ
‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਲਾਂਘਾ ਬੰਦ ਰੱਖਣ ਦੀ ਕੇਂਦਰ ਦੀ ਦਲੀਲ ’ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ, ‘‘ਜੇ ਸੁਰੱਖਿਆ ਕਾਰਨਾਂ ਕਰ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਿਆ ਗਿਆ ਹੈ, ਤਾਂ ਫਿਰ ਗੁਜਰਾਤ ਦੀਆਂ ਬੰਦਰਗਾਹਾਂ ਸਮੇਤ ਹੋਰ ਰਸਤਿਆਂ ਰਾਹੀਂ ਪਾਕਿਸਤਾਨ ਨਾਲ ਵਪਾਰ ਕਿਵੇਂ ਜਾਰੀ ਹੈ? ਸਿੱਖ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਕਿਉਂ ਵਾਂਝਾ ਰੱਖਿਆ ਜਾ ਰਿਹਾ ਹੈ।”
ਜਲਦ ਖੁੱਲ੍ਹੇਗਾ ਲਾਂਘਾ: ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੌਮਾਂਤਰੀ ਸਰਹੱਦ ’ਤੇ ਹਾਲਾਤ ਠੀਕ ਹੋਣ ਬਾਅਦ ਹੀ ਕਰਤਾਰਪੁਰ ਲਾਂਘਾ ਖੁੱਲ੍ਹੇਗਾ। ਪ੍ਰਧਾਨ ਮੰਤਰੀ ਦਾ ਸਿੱਖ ਭਾਈਚਾਰੇ ਨਾਲ ਵਿਸ਼ੇਸ਼ ਲਗਾਓ ਹੈ ਅਤੇ ਪਹਿਲਾਂ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ ਸੀ, ਹੁਣ ਵੀ ਹਾਲਾਤ ਠੀਕ ਹੋਣ ਮਗਰੋਂ ਲਾਂਘਾ ਖੁੱਲ੍ਹ ਜਾਵੇਗਾ।

