Congress Insaaf Rally Live: ‘ਆਪ’ ਨੇ ਪੰਜਾਬ ’ਚ ਬਣਾਇਆ ਜੰਗਲ ਰਾਜ: ਪਰਗਟ ਸਿੰਘ

Congress Insaaf Rally Live: ‘ਆਪ’ ਨੇ ਪੰਜਾਬ ’ਚ ਬਣਾਇਆ ਜੰਗਲ ਰਾਜ: ਪਰਗਟ ਸਿੰਘ

ਸੰਗਰੂਰ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਪੰਜਾਬ ਦੇ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ‘ਇਨਸਾਫ਼ ਰੈਲੀ’ ਵਿੱਚ ਪਹੁੰਚ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਸੀ ਕਿ ਇਹ ਰੈਲੀ ਸੂਬੇ ਵਿੱਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਪੰਜਾਬ ਕਾਂਗਰਸ ਦੇ ਆਗੂਆਂ ਅਨੁਸਾਰ, ਇਸ ਰੈਲੀ ਰਾਹੀਂ ਪਾਰਟੀ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਅਧਿਕਾਰਤ ਚੋਣ ਮੁਹਿੰਮ ਦਾ ਬਿਗੁਲ ਵਜਾਏਗੀ। ਪਰਗਟ ਸਿੰਘ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ, ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਬਿਹਤਰ ਭਵਿੱਖ ਲਈ ਇੱਕ ਮਜ਼ਬੂਤ ਆਵਾਜ਼ ਬੁਲੰਦ ਕਰਨਾ ਹੈ।

ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ‘ਨਿੱਤ ਦਾ ਸ਼ਰਾਬੀ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਵੇਂ ਹੀ ਬੋਲਣ ਲਈ ਉੱਠੇ, ਉਨ੍ਹਾਂ ਦਾ ਜ਼ੋਰਦਾਰ ਤਾਲੀਆਂ ਨਾਲ ਸਵਾਗਤ ਕੀਤਾ ਗਿਆ। ਆਪਣਾ ਭਾਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਇਕੱਠ ਨੇ ਉਨ੍ਹਾਂ ਦਾ 15 ਸੈਕੰਡ ਤੋਂ ਵੀ ਵੱਧ ਸਮਾਂ ਤਾੜੀਆਂ ਵਜਾ ਕੇ ਸਵਾਗਤ ਕੀਤਾ, ਜਿਸ ਨਾਲ ਉਨ੍ਹਾਂ ਦੇ ਚਿਹਰੇ ’ਤੇ ਮੁਸਕਰਾਹਟ ਆ ਗਈ। ਆਪਣੇ ਸੰਬੋਧਨ ਦੌਰਾਨ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ “ਨਿੱਤ ਦਾ ਸ਼ਰਾਬੀ” ਗਰਦਾਨਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਬੱਚਾ ਉਸ ਨੂੰ ਨਹੀਂ ਸੌਂਪੇਗਾ, ਪਰ ਲੋਕਾਂ ਨੇ ਤਾਂ ਪੰਜਾਬ ਹੀ ਉਸ ਦੇ ਹਵਾਲੇ ਕਰ ਦਿੱਤਾ।

‘ਆਪ’ ਨੇ ਲੋਕਾਂ ਦਾ ਭਰੋਸਾ ਤੋੜਿਆ: ਬਾਜਵਾ

ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਭਰੋਸਾ ਪ੍ਰਗਟ ਕਰਕੇ ਆਮ ਆਦਮੀ ਪਾਰਟੀ ਨੂੰ ਸੱਤਾ ਦੀ ਵਾਗਡੋਰ ਸੌਂਪੀ ਸੀ, ਪਰ ਪਾਰਟੀ ਨੇ ਲੋਕਾਂ ਦੇ ਇਸ ਭਰੋਸੇ ਨੂੰ ਬੁਰੀ ਤਰ੍ਹਾਂ ਤੋੜਿਆ ਹੈ। ਉਨ੍ਹਾਂ ਕਿਹਾ ਕਿ ਇਹੀ ਮੁੱਖ ਕਾਰਨ ਹੈ ਕਿ ਕਾਂਗਰਸ ਨੇ ਆਪਣੀ ‘ਇਨਸਾਫ਼ ਰੈਲੀ’ ਦੀ ਸ਼ੁਰੂਆਤ ਸੰਗਰੂਰ ਤੋਂ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਦੇਸ਼ ਭਰ ਦੇ ਨੌਜਵਾਨ ਅਤੇ ਸਮਾਜ ਦੇ ਸਾਰੇ ਵਰਗ ਬੜੀ ਉਮੀਦ ਨਾਲ ਰਾਹੁਲ ਗਾਂਧੀ ਵੱਲ ਦੇਖ ਰਹੇ ਹਨ। ਬਾਜਵਾ ਨੇ ਪੂਰਾ ਭਰੋਸਾ ਪ੍ਰਗਟਾਇਆ ਕਿ ਸਾਲ 2029 ਵਿੱਚ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ।

Share: