Amandeep Arora Case: ਈ.ਡੀ. ਵੱਲੋਂ ‘ਆਪ’ ਵਿਧਾਇਕ ਲਾਡੀ ਢੋਸ ਤੇ ਵਿਧਾਇਕਾ ਦੇ ਰਿਸ਼ਤੇਦਾਰਾਂ ਨੂੰ ਸੰਮਨ

Amandeep Arora Case: ਈ.ਡੀ. ਵੱਲੋਂ ‘ਆਪ’ ਵਿਧਾਇਕ ਲਾਡੀ ਢੋਸ ਤੇ ਵਿਧਾਇਕਾ ਦੇ ਰਿਸ਼ਤੇਦਾਰਾਂ ਨੂੰ ਸੰਮਨ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਨੂੰ ਤੇਜ਼ ਕਰਦਿਆਂ ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਕਈ ਮੌਜੂਦਾ ਤੇ ਸੇਵਾਮੁਕਤ ਪੰਜਾਬ ਸਰਕਾਰੀ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਦੋਸ਼ ਲਾਇਆ ਸੀ ਕਿ ਵਿਧਾਇਕਾ ਅਤੇ ਉਨ੍ਹਾਂ ਦੇ ਪਤੀ ਨੇ ਮੋਗਾ ਜ਼ਿਲ੍ਹੇ ਵਿੱਚ ਕੌਮੀ ਮਾਰਗ ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਰਕਮ ਵਿੱਚ ਹੇਰਾਫੇਰੀ ਕਰਨ ਵਿੱਚ ਮਦਦ ਕੀਤੀ ਸੀ।

ਈ.ਡੀ. ਦਾ ਇਹ ਮਾਮਲਾ ਮੋਗਾ ਪੁਲੀਸ (ਥਾਣਾ ਧਰਮਕੋਟ) ਵੱਲੋਂ ਦਰਜ ਕੀਤੀ ਗਈ ਇੱਕ ਐੱਫ.ਆਈ.ਆਰ. ’ਤੇ ਆਧਾਰਿਤ ਹੈ। ਇਸ ਵਿੱਚ ਪਿੰਡ ਅਧਰਮਾਨ (Adhraman) ਦੀ ਇੱਕ ਸਰਕਾਰੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਕਥਿਤ ਤੌਰ ’ਤੇ ਹੇਰਾਫੇਰੀ ਕਰਨ ਦੇ ਦੋਸ਼ ਲਾਏ ਗਏ ਹਨ, ਜਿਸ ਕਾਰਨ ਕੌਮੀ ਮਾਰਗ ਨੰਬਰ 754-ਏ (NH-754A) ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਬਦਲੇ 1 ਕਰੋੜ ਰੁਪਏ ਤੋਂ ਵੱਧ ਦਾ ਗ਼ਲਤ ਮੁਆਵਜ਼ਾ ਵੰਡਿਆ ਗਿਆ।

ਕਿਸ ਨੂੰ ਕਿਸ ਤਰੀਕ ਨੂੰ ਸੱਦਿਆ ਗਿਆ?

ਅਧਿਕਾਰੀਆਂ ਅਨੁਸਾਰ, ਈ.ਡੀ. ਨੇ 42 ਸਾਲਾ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸੇ ਤਰ੍ਹਾਂ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ 27 ਨਵੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਵਿਧਾਇਕਾ ਅਰੋੜਾ ਦੇ ਪਿਤਾ ਜਸਪਾਲ ਸਿੰਘ ਨੂੰ 27 ਨਵੰਬਰ, ਭਰਾ ਵਲਜਿੰਦਰ ਸਿੰਘ ਨੂੰ 30 ਨਵੰਬਰ ਅਤੇ ਮਾਮਾ ਹਰਮਿੰਦਰ ਸਿੰਘ ਨੂੰ 2 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਥਿਤ ਸਾਜ਼ਿਸ਼ ਦੀ ਤਹਿ ਤੱਕ ਜਾਣ ਲਈ ਏਜੰਸੀ ਨੇ ਮੋਗਾ ਦੇ ਜ਼ਿਲ੍ਹਾ ਮਾਲ ਅਫ਼ਸਰ (DRO) ਗੁਰਦੇਵ ਸਿੰਘ ਧਾਮ, ਸਥਾਨਕ ਪਟਵਾਰੀ ਨਿਰਵੈਰ ਸਿੰਘ ਅਤੇ ਮੋਗਾ ਦੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਨੂੰ ਵੀ ਸੰਮਨ ਭੇਜੇ ਹਨ। ਅਰੋੜਾ ਨਾਲ ਜੁੜੇ ਇੱਕ ਹਸਪਤਾਲ-ਕਮ-ਨਸ਼ਾ ਛੁਡਾਊ ਕੇਂਦਰ ਦੇ ਭਾਈਵਾਲ ਅਤੇ ਡਾਇਰੈਕਟਰ ਲਖਵਿੰਦਰ ਨਾਮਕ ਵਿਅਕਤੀ ਨੂੰ ਸੋਮਵਾਰ ਨੂੰ ਈ.ਡੀ. ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਵਿਧਾਇਕਾ ਵੱਲੋਂ ਸਿਆਸੀ ਬਦਲਾਖੋਰੀ ਦੇ ਦੋਸ਼

ਦੂਜੇ ਪਾਸੇ, ਛਾਪੇਮਾਰੀ ਤੋਂ ਬਾਅਦ ਅਮਨਦੀਪ ਕੌਰ ਅਰੋੜਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਰਿਹਾਇਸ਼ ’ਤੇ 42 ਘੰਟੇ ਚੱਲੀ ਈ.ਡੀ. ਦੀ ਤਲਾਸ਼ੀ ਦੌਰਾਨ ਉਨ੍ਹਾਂ ’ਤੇ ਮੰਤਰੀ ਦੇ ਅਹੁਦੇ ਬਦਲੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਦਬਾਅ ਪਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਿਹਾਇਸ਼ ਅਤੇ ਹਸਪਤਾਲ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਦੇ ਬਾਵਜੂਦ ਈ.ਡੀ. ਨੂੰ ਇੱਕ ਵੀ ਪੈਸਾ ਬਰਾਮਦ ਨਹੀਂ ਹੋਇਆ ਅਤੇ ਟੀਮ ਨੂੰ ਖ਼ਾਲੀ ਹੱਥ ਪਰਤਣਾ ਪਿਆ। ਜ਼ਿਕਰਯੋਗ ਹੈ ਕਿ ਪੰਜਾਬ ’ਆਪ’ ਮਹਿਲਾ ਵਿੰਗ ਦੀ ਪ੍ਰਧਾਨ ਅਮਨਦੀਪ ਕੌਰ ਅਰੋੜਾ ਨੂੰ ਪਾਰਟੀ ਵੱਲੋਂ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੋਗਾ ਸੀਟ ਤੋਂ ਮੁੜ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

Share: