MP Amritpal Singh ਸਖ਼ਤ ਸੁਰੱਖਿਆ ਹੇਠ ਦਾਦੀ ਦੇ ਸਸਕਾਰ ’ਚ ਹੋਏ ਸ਼ਾਮਲ; ਲੱਖਾ ਦੀ ਗਿਣਤੀ ’ਚ ਪਹੁੰਚੀ ਸੰਗਤ

MP Amritpal Singh ਸਖ਼ਤ ਸੁਰੱਖਿਆ ਹੇਠ ਦਾਦੀ ਦੇ ਸਸਕਾਰ ’ਚ ਹੋਏ ਸ਼ਾਮਲ; ਲੱਖਾ ਦੀ ਗਿਣਤੀ ’ਚ ਪਹੁੰਚੀ ਸੰਗਤ

ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਵਰਗੀ ਦਾਦੀ ਮਾਤਾ ਚਰਨ ਕੌਰ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ। ਸੂਤਰਾਂ ਅਨੁਸਾਰ, ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤ ਵਿੱਚ ਕੀਤਾ ਗਿਆ, ਜਿੱਥੇ ਕਰੀਬ ਪੰਜ ਏਕੜ ਰਕਬੇ ਵਿੱਚ ਸਸਕਾਰ ਸਮਾਗਮ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਹਿਰਾਸਤੀ ਪੈਰੋਲ ’ਤੇ ਪੁੱਜੇ ਅੰਮ੍ਰਿਤਪਾਲ ਸਿੰਘ ਪੁਲੀਸ ਸੁਰੱਖਿਆ ਹੇਠ ਅੰਤਿਮ ਰਸਮਾਂ ਦੌਰਾਨ ਕੋਲ ਮੌਜੂਦ ਰਹੇ ਅਤੇ ਇਸ ਮੌਕੇ ਉਨ੍ਹਾਂ ਨੇ ਹੱਥ ਜੋੜ ਕੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਘਰ ਤੋਂ ਇੱਕ ਸਜਾਈ ਹੋਈ ਟਰਾਲੀ ਰਾਹੀਂ ਸਸਕਾਰ ਵਾਲੀ ਥਾਂ ਵੱਲ ਰਵਾਨਾ ਕੀਤਾ ਗਿਆ।

ਇਸ ਅੰਤਿਮ ਯਾਤਰਾ ਵਿੱਚ ਪਰਿਵਾਰਕ ਮੈਂਬਰਾਂ, ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਾਰਟੀ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਨਮ ਅੱਖਾਂ ਨਾਲ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਰਾਗੀ ਜੱਥਿਆਂ ਵੱਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੰਗਤ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਚਾਰ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਸਟੈਂਡ ਤੇ ਲੰਗਰ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਦੂਜੇ ਪਾਸੇ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰਦਿਆਂ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਰਸਤਿਆਂ ਵਿੱਚ ਥਾਂ-ਥਾਂ ਨਾਕੇ ਲਾਏ ਗਏ ਸਨ। ਅੰਮ੍ਰਿਤਪਾਲ ਸਿੰਘ ਪੁਲੀਸ ਦੀ ਇੱਕ ਬਖਤਰਬੰਦ ਗੱਡੀ ਵਿੱਚ ਸੁਰੱਖਿਆ ਕਰਮਚਾਰੀਆਂ ਦੇ ਘੇਰੇ ਹੇਠ ਪਿੰਡ ਪੁੱਜੇ ਸਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ ’ਤੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲੀਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਦਿੱਤੀ ਸੀ। ਇਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ, ਜਿੱਥੋਂ ਹਵਾਈ ਜਹਾਜ਼ ਰਾਹੀਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਰਾਜਾਸਾਂਸੀ) ਅੰਮ੍ਰਿਤਸਰ ਲਿਆਂਦਾ ਗਿਆ। ਤੈਅ ਪ੍ਰਬੰਧਾਂ ਅਨੁਸਾਰ, ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।

8 ਨਵੰਬਰ ਨੂੰ ਹੋਇਆ ਸੀ ਮਾਤਾ ਚਰਨ ਕੌਰ ਦਾ ਦੇਹਾਂਤ

ਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਬੀਤੀ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ, ਪਰ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ, ਜਿਸ ਮਗਰੋਂ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਨਵੇਂ ਹੁਕਮਾਂ ਤਹਿਤ ਇਹ ਹਿਰਾਸਤੀ ਪੈਰੋਲ ਲਾਗੂ ਕੀਤੀ ਗਈ।

ਅਜਨਾਲਾ ਘਟਨਾ ਮਗਰੋਂ ਡਿਬਰੂਗੜ੍ਹ ਜੇਲ੍ਹ ’ਚ ਹਨ ਬੰਦ ਅੰਮ੍ਰਿਤਪਾਲ ਸਿੰਘ

ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਵੱਲੋਂ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਲਈ ਅਜਨਾਲਾ ਥਾਣੇ ਦੇ ਬੈਰੀਕੇਡ ਤੋੜਨ ਦੌਰਾਨ ਹੋਏ ਟਕਰਾਅ ਵਿੱਚ ਐੱਸ.ਪੀ. ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੀ ਭਾਲ ਮਗਰੋਂ 23 ਅਪਰੈਲ 2023 ਨੂੰ ਮੋਗਾ ਦੇ ਪਿੰਡ ਰੋਡੇ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਲਗਭਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਆਪਣੇ ਪਰਿਵਾਰ ਦੇ ਵਿਚਕਾਰ ਪਹੁੰਚੇ ਸਨ।

Share: