ਮੌੜ ਮੰਡੀ : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੌੜ ਹਲਕੇ ਦੀ ਸਿਆਸਤ ਹੁਣ ਤੋਂ ਹੀ ਦਿਲਚਸਪ ਹੁੰਦੀ ਨਜ਼ਰ ਆ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਸਰਗਰਮੀਆਂ ਅਤੇ ਚੋਣ ਮੈਦਾਨ ਵਿੱਚ ਉਤਰਨ ਦੇ ਸੰਕੇਤਾਂ ਨੇ ਹਲਕੇ ਵਿੱਚ ਨਵੇਂ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਆਮ ਆਦਮੀ ਪਾਰਟੀ ’ਚੋਂ ਮੁਅੱਤਲ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਵੀਡੀਓ ਜਾਰੀ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਬਲਬੂਤੇ ਚੋਣ ਮੈਦਾਨ ਵਿੱਚ ਉਤਰਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਉਨ੍ਹਾਂ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸੇ ਸਿਆਸੀ ਪਾਰਟੀ ਵੱਲੋਂ ਚੋਣ ਲੜਨਗੇ ਜਾਂ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰਨਗੇ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਖਵੀਰ ਸਿੰਘ ਮਾਈਸਰਖਾਨਾ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਦਿਆਂ 63,099 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਲੱਖਾ ਸਿਧਾਣਾ 28,091 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੇ ਸਨ। ਇਸ ਤਰ੍ਹਾਂ ਮਾਈਸਰਖਾਨਾ ਨੇ 35,008 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਹੁਣ ਪਾਰਟੀ ਤੋਂ ਮੁਅੱਤਲੀ ਮਗਰੋਂ ਉਨ੍ਹਾਂ ਵੱਲੋਂ ਚੋਣ ਲੜਨ ਦੇ ਐਲਾਨ ਨੇ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਮਾਈਸਰਖਾਨਾ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਹਾਲਤ ਵਿੱਚ ਚੋਣ ਮੈਦਾਨ ਵਿੱਚੋਂ ਭੱਜਣ ਵਾਲੇ ਨਹੀਂ ਹਨ ਅਤੇ ਹਰ ਹਾਲਤ ਵਿੱਚ ਚੋਣ ਲੜਨਗੇ। ਹਾਲਾਂਕਿ ਉਨ੍ਹਾਂ ਨੇ ਚੋਣ ਲੜਨ ਲਈ ਕਿਸੇ ਪਾਰਟੀ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਕੀਤੀ।
ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ਦਾਅ ਖੇਡੇ ਜਾਣ ਦੀਆਂ ਚਰਚਾਵਾਂ ਹਨ। ਇਸ ਤੋਂ ਇਲਾਵਾ ਪਾਰਟੀ ਦੇ ਕਈ ਸਥਾਨਕ ਆਗੂ ਵੀ ਹਲਕੇ ਵਿੱਚ ਸਰਗਰਮ ਹਨ ਅਤੇ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੇ ਯਤਨਾਂ ਵਿੱਚ ਲੱਗੇ ਹੋਏ ਹਨ।
ਉੱਧਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਚੋਣ ਮੈਦਾਨ ਵਿੱਚ ਸਰਗਰਮ ਹਨ। ਇਸੇ ਤਰ੍ਹਾਂ ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਲੱਖਾ ਸਿਧਾਣਾ ਦੀਆਂ ਸਰਗਰਮੀਆਂ ਵੀ ਮੌੜ ਹਲਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
ਇਸ ਤਰ੍ਹਾਂ ਮੌੜ ਹਲਕੇ ਵਿੱਚ ਵੱਖ-ਵੱਖ ਸਿਆਸੀ ਧਿਰਾਂ ਦੇ ਕਈ ਚਿਹਰੇ ਸਾਹਮਣੇ ਆ ਰਹੇ ਹਨ। ਇੱਕ ਪਾਸੇ ਪਿਛਲੀ ਚੋਣ ਦੇ ਜੇਤੂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਹਰ ਹਾਲਤ ਵਿੱਚ ਚੋਣ ਲੜਨ ਦਾ ਐਲਾਨ ਕੀਤਾ ਹੈ, ਦੂਜੇ ਪਾਸੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀਆਂ ਸਰਗਰਮੀਆਂ ਵੀ ਤੇਜ਼ ਹੋ ਰਹੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕਿਹੜੀ ਪਾਰਟੀ ਕਿਸ ਚਿਹਰੇ ’ਤੇ ਦਾਅ ਖੇਡਦੀ ਹੈ ਅਤੇ ਮੌੜ ਹਲਕੇ ਦੀ ਚੋਣੀ ਤਸਵੀਰ ਕੀ ਰੂਪ ਧਾਰਨ ਕਰਦੀ ਹੈ।

