ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 10 ਨਵੰਬਰ ਤੋਂ ਨਵੀਂ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਅਸਰ ਹੇਠ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਪੰਜਾਬ ਵਿੱਚ ਵੀ 12 ਤੋਂ 15 ਨਵੰਬਰ ਦਰਮਿਆਨ ਕਿਤੇ-ਕਿਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਤੇ ਬਰਫ਼ਬਾਰੀ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ 10 ਅਤੇ 11 ਨਵੰਬਰ ਨੂੰ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਜਦਕਿ 12 ਅਤੇ 13 ਨਵੰਬਰ ਨੂੰ ਕਈ ਥਾਵਾਂ ’ਤੇ ਮੀਂਹ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। 12 ਨਵੰਬਰ ਨੂੰ ਕਸ਼ਮੀਰ ਵਾਦੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਵੀ ਹੋ ਸਕਦੀ ਹੈ। ਇਸ ਦੌਰਾਨ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਇਨ੍ਹਾਂ ਦੀ ਰਫ਼ਤਾਰ 60 ਕਿਲੋਮੀਟਰ ਤੱਕ ਪਹੁੰਚਣ ਦੇ ਆਸਾਰ ਹਨ। ਹਿਮਾਚਲ ਪ੍ਰਦੇਸ਼ ਵਿੱਚ 11 ਤੋਂ 15 ਨਵੰਬਰ ਤੱਕ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। 12 ਅਤੇ 13 ਨਵੰਬਰ ਨੂੰ ਗਰਜ-ਤੂਫ਼ਾਨ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਉੱਤਰਾਖੰਡ ਵਿੱਚ 13 ਤੋਂ 15 ਨਵੰਬਰ ਦਰਮਿਆਨ ਮੀਂਹ ਪੈਣ ਦੀ ਪੇਸ਼ੀਨਗੋਈ ਹੈ।
ਪੰਜਾਬ ਵਿੱਚ ਵੀ ਬਦਲੇਗਾ ਮੌਸਮ
ਪੰਜਾਬ ਵਿੱਚ 12 ਤੋਂ 15 ਨਵੰਬਰ ਤੱਕ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਪਹਾੜੀ ਇਲਾਕਿਆਂ ਦੀ ਯਾਤਰਾ ਦੌਰਾਨ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਅਤੇ ਮੌਸਮ ਖਰਾਬ ਹੋਣ ਸਮੇਂ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

