ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਸਰਦੀ ਸ਼ੁਰੂ ਹੋ ਗਈ ਹੈ ਤੇ ਧੁੰਦ ਦਾ ਅਸਰ ਵੀ ਦਿਖਾਈ ਦੇਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 22 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਰਾਤ ਵੇਲੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਕਾਰਨ ਸਵੇਰ ਵੇਲੇ ਸੜਕਾਂ ’ਤੇ ਦਿਸਣਯੋਗਤਾ ਘੱਟ ਸਕਦੀ ਹੈ ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
21 ਨਵੰਬਰ ਨੂੰ ਹੋਰ ਜ਼ਿਲ੍ਹਿਆਂ ਵਿੱਚ ਵਧੇਗੀ ਧੁੰਦ
ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈ ਸਕਦੀ ਹੈ। 21 ਨਵੰਬਰ ਨੂੰ ਧੁੰਦ ਦਾ ਦਾਇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਮੁਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। 22 ਨਵੰਬਰ ਨੂੰ ਵੀ ਇਨ੍ਹਾਂ ਇਲਾਕਿਆਂ ਵਿੱਚ ਧੁੰਦ ਦਾ ਅਸਰ ਜਾਰੀ ਰਹਿ ਸਕਦਾ ਹੈ। ਇਸ ਤੋਂ ਬਾਅਦ 23 ਨਵੰਬਰ ਤੋਂ ਮੌਸਮ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 23, 24 ਅਤੇ 25 ਨਵੰਬਰ ਲਈ ਸੂਬੇ ਵਿੱਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਫਰੀਦਕੋਟ ਸਭ ਤੋਂ ਠੰਢਾ, ਘੱਟੋ-ਘੱਟ ਤਾਪਮਾਨ 7.2 ਡਿਗਰੀ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਭਰ ਵਿੱਚ ਮੌਸਮ ਖੁਸ਼ਕ ਰਿਹਾ। ਇਸ ਦੌਰਾਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਸੂਬੇ ਵਿੱਚ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਰਿਹਾ।
ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ, ਪਟਿਆਲਾ ਵਿੱਚ 28.4 ਡਿਗਰੀ, ਪਠਾਨਕੋਟ ਵਿੱਚ 24.8 ਡਿਗਰੀ ਅਤੇ ਫਰੀਦਕੋਟ ਵਿੱਚ 28.2 ਡਿਗਰੀ ਸੈਲਸੀਅਸ ਰਿਹਾ।
ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 9.8 ਡਿਗਰੀ, ਲੁਧਿਆਣਾ ਵਿੱਚ 8.2 ਡਿਗਰੀ, ਪਟਿਆਲਾ ਵਿੱਚ 9.3 ਡਿਗਰੀ, ਪਠਾਨਕੋਟ ਵਿੱਚ 9.4 ਡਿਗਰੀ ਅਤੇ ਬਠਿੰਡਾ ਵਿੱਚ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

