Tarun Tejpal case: ਸੁਪਰੀਮ ਕੋਰਟ ਵੱਲੋਂ ਜਬਰ-ਜਨਾਹ ਮਾਮਲੇ ਵਿੱਚ ਤਰੁਣ ਤੇਜਪਾਲ ਦੀ ਸਜ਼ਾ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

Tarun Tejpal case: ਸੁਪਰੀਮ ਕੋਰਟ ਵੱਲੋਂ ਜਬਰ-ਜਨਾਹ ਮਾਮਲੇ ਵਿੱਚ ਤਰੁਣ ਤੇਜਪਾਲ ਦੀ ਸਜ਼ਾ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 2013 ਦੇ ਜਬਰ-ਜਨਾਹ ਮਾਮਲੇ ਵਿੱਚ ਪੱਤਰਕਾਰ ਤਰੁਣ ਤੇਜਪਾਲ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਪ੍ਰਸੰਨਾ ਬੀ ਵੀ ਰਾਏ ਦੀ ਬੈਂਚ ਨੇ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਤੇਜਪਾਲ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਬੈਂਚ ਨੇ ਤੇਜਪਾਲ ਅਤੇ ਗੋਆ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਉਹ ਸਜ਼ਾ ‘ਤੇ ਰੋਕ ਲਗਾਉਣ ਦੇ ਹੱਕ ਵਿੱਚ ਨਹੀਂ ਹੈ। 6 ਅਗਸਤ ਨੂੰ, ਬੰਬੇ ਹਾਈ ਕੋਰਟ ਨੇ ਪੰਜ ਸਾਲ ਪਹਿਲਾਂ ਟਰਾਇਲ ਕੋਰਟ ਵੱਲੋਂ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਨੂੰ ਬਰੀ ਕਰਨ ਦੇ ਫੈਸਲੇ ਨੂੰ ਉਲਟਾਉਂਦਿਆਂ ਤੇਜਪਾਲ ਨੂੰ ਜਬਰ-ਜਨਾਹ ਦਾ ਦੋਸ਼ੀ ਠਹਿਰਾਇਆ ਸੀ ਅਤੇ 10 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਸੀ।

ਉਸ ਨੂੰ ਗੋਆ ਵਿੱਚ ਮੈਗਜ਼ੀਨ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ 2013 ਵਿੱਚ ਇੱਕ ਹੋਟਲ ਦੀ ਲਿਫਟ ਦੇ ਅੰਦਰ ਆਪਣੀ ਇੱਕ ਜੂਨੀਅਰ ਸਹਿਕਰਮੀ ਨਾਲ ਜਬਰ-ਜਨਾਹ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। 62 ਸਾਲਾ ਪੱਤਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੋਇਆ ਹੈ।

20 ਅਗਸਤ ਨੂੰ ਤੇਜਪਾਲ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦਿਆਂ ਸਿਖਰਲੀ ਅਦਾਲਤ ਵਿੱਚ ਪਹੁੰਚ ਕੀਤੀ ਸੀ।

Share: