Jagtar Hawara ਨੂੰ ਪੰਜਾਬ ਤਬਦੀਲ ਕਰਨ ਨਾਲ ਚੋਣਾਂ ’ਤੇ ਪਵੇਗਾ ਵੱਡਾ ਅਸਰ: ਆਈ ਬੀ

Jagtar Hawara ਨੂੰ ਪੰਜਾਬ ਤਬਦੀਲ ਕਰਨ ਨਾਲ ਚੋਣਾਂ ’ਤੇ ਪਵੇਗਾ ਵੱਡਾ ਅਸਰ: ਆਈ ਬੀ

ਨਵੀਂ ਦਿੱਲੀ : ਖੁਫ਼ੀਆ ਬਿਊਰੋ (ਆਈ ਬੀ) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਆਈ ਬੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਹਵਾਰਾ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ ਅਤੇ ਉਸ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ।

ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਪੀ ਬੀ ਵਰਾਲੇ ਦੇ ਬੈਂਚ ਨੇ ਸੀਨੀਅਰ ਵਕੀਲ ਐੱਸ ਮੁਰਲੀਧਰ ਨੂੰ ਕਿਹਾ ਕਿ ਖੁਫ਼ੀਆ ਏਜੰਸੀ ਦੀ ਰਿਪੋਰਟ ਬੇਹੱਦ ਗੰਭੀਰ ਹੈ। ਇਸ ’ਤੇ ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਕੋਈ ਚਿੰਤਾ ਹੈ ਤਾਂ ਇਸ ਮਾਮਲੇ ਦੀ ਸੁਣਵਾਈ ਤਿੰਨ ਮਹੀਨਿਆਂ ਬਾਅਦ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ ਫਰਵਰੀ ਵਿੱਚ ਤੈਅ ਕੀਤੀ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਹ ਹਵਾਰਾ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਬਾਰੇ ਖੁਫ਼ੀਆ ਬਿਊਰੋ ਤੋਂ ਰਿਪੋਰਟ ਲਵੇ।

ਫਰਾਰ ਹੋਣ ਦੀ ਘਟਨਾ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਨੇ ਜਤਾਇਆ ਖ਼ਦਸ਼ਾ

ਦਿੱਲੀ ਸਰਕਾਰ ਵੱਲੋਂ ਪੇਸ਼ ਹੋਈ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਰਿਹਾ ਹੈ। ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਸ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ।

ਉਨ੍ਹਾਂ ਦਲੀਲ ਦਿੱਤੀ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਉਸ ਦੇ ਫਰਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਇਸ ਸਬੰਧ ਵਿੱਚ ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉੱਚ ਜੋਖ਼ਮ ਵਾਲੇ ਕੈਦੀਆਂ ਨੂੰ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਬਾਰੇ ਜਾਰੀ ਸਲਾਹ ਦਾ ਹਵਾਲਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਹਵਾਰਾ ਦੀ ਤਬਦੀਲੀ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ।

ਭਾਟੀ ਨੇ ਇਹ ਵੀ ਦੱਸਿਆ ਕਿ ਹਵਾਰਾ ਨੂੰ ਚੰਡੀਗੜ੍ਹ ਦੀ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।

Share: