ਗੁਰੂ ਰਵਿਦਾਸ ਦੇ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਵਾਂਗੇ: ਮਾਨ

ਗੁਰੂ ਰਵਿਦਾਸ ਦੇ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਵਾਂਗੇ: ਮਾਨ

ਚੰਡੀਗਡ਼੍ਹ : ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ 4 ਤੋਂ 6 ਦਸੰਬਰ ਤੱਕ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ ਜਿਨ੍ਹਾਂ ਦੀ ਸਮਾਪਤੀ ਖੁਰਾਲਗੜ੍ਹ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅਤੇ ਫਲਸਫੇ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਨਾਲ ਹੋਵੇਗੀ ਜਿਸ ਤੋਂ ਬਾਅਦ ਗੁਰੂ ਰਵਿਦਾਸ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, ਡਰੋਨ ਸ਼ੋਅ ਅਤੇ ਹੋਰ ਅਧਿਆਤਮਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। 5 ਦਸੰਬਰ ਨੂੰ ਨਗਰ ਕੀਰਤਨ ਮਗਰੋਂ ਗੁਰੂ ਰਵਿਦਾਸ ਦੀ ਬਾਣੀ ’ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, ਡਰੋਨ ਸ਼ੋਅ ਅਤੇ ਹੋਰ ਸਮਾਗਮ ਹੋਣਗੇ। 6 ਦਸੰਬਰ ਨੂੰ ਅਖੰਡ ਪਾਠ ਦੇ ਭੋਗ ਪਾਉਣ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਸਮਾਗਮ ਸਿਰਫ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਸੂਬਾ ਸਰਕਾਰ ਨੇ ਗੁਰੂ ਰਵਿਦਾਸ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਵਿਆਪਕ ਲੜੀ ਸ਼ੁਰੂ ਕੀਤੀ ਹੋਈ ਹੈ। ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮਾਂ ਵਿੱਚ ਸੈਮੀਨਾਰ, ਵਰਕਸ਼ਾਪ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਦਸਤਾਵੇਜ਼ੀਆਂ ਦੀ ਸਕ੍ਰੀਨਿੰਗ, ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Share: