ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਦੋ ਰੋਜ਼ਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ ਖ਼ਤਮ ਹੋਣਾ ਸੀ। ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ ਪੇਸ਼ ਕਰਦਿਆਂ ਵਿਧਾਨ ਸਭਾ ਸੈਸ਼ਨ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 14 ਤੇ 15 ਜੁਲਾਈ ਨੂੰ ਵੀ ਚੱਲੇਗਾ।
ਕਾਂਗਰਸੀ ਵਿਧਾਇਕਾਂ ਵੱਲੋਂ ਸਿਫ਼ਰ ਕਾਲ ਨਾ ਸੱਦਣ ਖਿਲਾਫ਼ ਨਾਅਰੇਬਾਜ਼ੀ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸਿਫ਼ਰ ਕਾਲ ਨਾ ਸੱਦੇ ਜਾਣ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਐਨ ਵਿਚਾਲੇ ਪਹੁੰਚ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਨੂੰ ਲੈ ਕੇ ਵਧੇਰੇ ਮਾਮਲੇ ਚੱਲ ਰਹੇ ਹਨ, ਜਿਸ ’ਤੇ ਸਿਫ਼ਰ ਕਾਲ ਵਿੱਚ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਕਾਂਗਰਸੀ ਵਿਧਾਇਕ ਮਗਰੋਂ ਸਦਨ ’ਚੋਂ ਵਾਕਆਊਟ ਕਰ ਗਏ।
