ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਹੁਣ ਤੱਕ 20 ਤੋਂ 25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਤੁਰੰਤ ਵਿਸ਼ੇਸ਼ ਰਾਹਤ ਪੈਕਜ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਪੰਜਾਬ ਵਿੱਚ ਲੱਖਾਂ ਏਕੜ ਫਸਲ, 3300 ਸਕੂਲ ਅਤੇ ਕਾਲਜਾਂ ਦੀਆਂ ਬਿਲਡਿੰਗਾਂ, ਲੋਕਾਂ ਦੇ ਘਰ ਅਤੇ ਪਸ਼ੂ ਪ੍ਰਭਾਵਿਤ ਹੋਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਾਂਹ ਫੜਨ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਕੈਬਨਿਟ ਮੰਤਰੀ ਵਰਿੰਦਰ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਆ ਰਹੇ ਹਨ ਤਾਂ ਉਹ ਪੰਜਾਬ ਨੂੰ ਜ਼ਰੂਰ ਕੋਈ ਨਾ ਕੋਈ ਰਾਹਤ ਪੈਕੇਜ ਦੇ ਕੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਆਏ ਸੀ ਉਹ ਪੰਜਾਬ ਨੂੰ ਕੁਝ ਦੇਣ ਦੀ ਜਗ੍ਹਾ ਹੜ੍ਹਾਂ ਲਈ ਮਾਈਨਿੰਗ ਨੂੰ ਜ਼ਿੰਮੇਵਾਰ ਠਹਿਰਾ ਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ’ਤੇ ਦੂਸ਼ਣਬਾਜ਼ੀ ਕਰਨ ਦਾ ਨਹੀਂ ਹੈ ਬਲਕਿ ਲੋਕਾਂ ਦੀ ਮਦਦ ਲਈ ਠੋਸ ਫੈਸਲੇ ਲੈਣ ਦਾ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਮੋਹਰੀ ਹੋ ਕੇ ਆਪਣੇ ਭੂਮਿਕਾ ਨਿਭਾਉਣੀ ਚਾਹੀਦੀ ਹੈ।

