ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲੀਸ ਕੇਂਦਰ ਵਿੱਚ ਸਵੇਰੇ 11 ਵਜੇ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਗੋਲੀਕਾਂਡ ਬਾਰੇ ਪੁੱਛ-ਪੜਤਾਲ ਕਰ ਚੁੱਕੀ ਹੈ। 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਇੱਕ ਘੰਟਾ ਪਹਿਲਾਂ ਫ਼ਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਿੱਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ। ਸੂਤਰਾਂ ਅਨੁਸਾਰ ਇਨ੍ਹਾਂ ਵਿਚੋਂ ਕੁਝ ਫੋਨ ਸੁਖਬੀਰ ਸਿੰਘ ਬਾਦਲ ਨੂੰ ਵੀ ਕੀਤੇ ਗਏ ਸਨ। ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਕੋਟਕਪੂਰਾ ਗੋਲੀਕਾਂਡ ਵਾਪਰ ਗਿਆ ਸੀ। ਜਾਂਚ ਟੀਮ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਜਦੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਧਰਨੇ ’ਤੇ ਬੈਠੇ ਅੰਦੋਲਨਕਾਰੀਆਂ ਨੂੰ ਸ਼ਾਂਤੀ ਨਾਲ ਉਠਾਇਆ ਜਾਵੇ ਤਾਂ ਫਿਰ ਸਿੱਖ ਸੰਗਤਾਂ ਉੱਪਰ ਗੋਲੀ ਕਿਸ ਦੇ ਹੁਕਮਾਂ ਨਾਲ ਚਲਾਈ ਗਈ? ਵਿਸ਼ੇਸ਼ ਜਾਂਚ ਟੀਮ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਇੱਕ ਦਰਜਨ ਉੱਚ ਪੁਲੀਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕਰ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਹੋਣ ਮਗਰੋਂ ਸਪੱਸ਼ਟ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਦੀ ਕੋਟਕਪੂਰਾ ਗੋਲ਼ੀਕਾਂਡ ਵਿੱਚ ਵੱਡੀ ਭੂਮਿਕਾ ਸੀ। ਹੁਣ ਜਾਂਚ ਟੀਮ ਇਸ ਮਾਮਲੇ ਵਿੱਚ ਜਾਣਨਾ ਚਾਹੁੰਦੀ ਹੈ ਕਿ ਕੋਟਕਪੂਰਾ ਗੋਲੀਕਾਂਡ ਲਈ ਗ੍ਰਹਿ ਵਿਭਾਗ ਨੇ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਕੀਤਾ ਸੀ ਕਿ ਨਹੀਂ ਅਤੇ ਪਰਮਰਾਜ ਸਿੰਘ ਉਮਰਾਨੰਗਲ ਕੋਟਕਪੂਰਾ ਕਿਵੇਂ ਪਹੁੰਚ ਗਏ, ਜਦੋਂ ਕਿ ਰਿਕਾਰਡ ਮੁਤਾਬਕ ਉਨ੍ਹਾਂ ਨੂੰ ਕਿਸੇ ਨੇ ਕੋਟਕਪੂਰਾ ਭੇਜਿਆ ਹੀ ਨਹੀਂ।
Posted inLaw & Order News Politics Punjab