ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੋਣ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ: ਕੇਜਰੀਵਾਲ

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨਾਲ ਤਿੰਨ ਵੱਡੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ, ਪੁਰਾਣੇ ਘਰੇਲੂ ਬਿੱਲ ਮੁਆਫ਼ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ ਜਦਕਿ ਪੰਜਾਬ ਖ਼ੁਦ ਬਿਜਲੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤਾਂ ਦੂਸਰਿਆਂ ਕੋਲੋਂ ਬਿਜਲੀ ਖਰੀਦਦੀ ਹੈ, ਤਾਂ ਵੀ ਉੱਥੇ ਮੁਫ਼ਤ ਵਿੱਚ ਅਤੇ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਬਿਜਲੀ ਕੰਪਨੀਆਂ ਦੀ ਮਿਲੀਭੁਗਤ ਨੂੰ ਖ਼ਤਮ ਕਰਕੇ ਪੰਜਾਬ ਵਿੱਚ ਬਿਜਲੀ ਸਸਤੀ ਹੋ ਸਕਦੀ ਹੈ। ਸ੍ਰੀ ਕੇਜਰੀਵਾਲ ਨੇ ਬੇਅਦਬੀ ਮਾਮਲੇ ਵਿੱਚ ਕਾਂਗਰਸ ਤੇ ਅਕਾਲੀ ਦਲ ’ਤੇ ਮਿਲੀਭੁਗਤ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ‘ਆਪ’ ਸੁਪਰੀਮੋ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਮਹਿੰਗੀ ਹੋਣ ਕਰਕੇ ਹਰ ਪਰਿਵਾਰ ਦੀ ਅੱਧੀ ਤੋਂ ਜ਼ਿਆਦਾ ਆਮਦਨ ਬਿਜਲੀ ਬਿੱਲਾਂ ਵਿੱਚ ਚਲੀ ਜਾਂਦੀ ਹੈ। ਇਸ ਕਾਰਨ ਔਰਤਾਂ ਨੂੰ ਘਰ ਚਲਾਉਣ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਬਿਜਲੀ ਨੂੰ ਸਸਤੀ ਕਰਨ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 300 ਯੂਨਿਟ ਬਿਜਲੀ ਮੁਫ਼ਤ ਅਤੇ ਪੁਰਾਣੇ ਘਰੇਲੂ ਬਿੱਲ ਮੁਆਫ਼ ਤਾਂ ਪਹਿਲੀ ਸੱਟੇ ਕੀਤੇ ਜਾਣਗੇ ਜਦੋਂਕਿ 24 ਘੰਟੇ ਬਿਜਲੀ ਸਪਲਾਈ ਨੂੰ 3 ਤੋਂ 4 ਸਾਲਾਂ ਦਾ ਸਮਾਂ ਲੱਗ ਸਕਦਾ ਹੈ।

ਸ੍ਰੀ ਕੇਜਰੀਵਾਲ ਨੇ ਸਪਸ਼ਟ ਕੀਤਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ 300 ਯੂਨਿਟ ਤੱਕ ਬਿਜਲੀ ਮੁਫ਼ਤ ਹੋਵੇਗੀ, ਜੇਕਰ ਕਿਸੇ ਦਾ ਬਿੱਲ 301 ਯੂਨਿਟ ਦਾ ਹੁੰਦਾ ਹੈ ਤਾਂ ਉਕਤ ਵਿਅਕਤੀ ਨੂੰ ਸਾਰੇ ਬਿੱਲ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਲਈ ਮੁਫ਼ਤ ਬਿਜਲੀ ਸਪਲਾਈ ਅਤੇ ਹੋਰਨਾਂ ਖੇਤਰਾਂ ਲਈ ਬਿੱਲ ਪਹਿਲਾਂ ਵਾਲੀਆਂ ਦਰਾਂ ’ਤੇ ਜਾਰੀ ਰਹਿਣਗੇ। ‘ਆਪ’ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਐਲਾਨ 2 ਮਹੀਨੇ ਬਾਅਦ ਕੀਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਆਬਾਦੀ 2 ਕਰੋੜ ਹੈ ਅਤੇ ਸਾਲਾਨਾ ਬਜਟ 60 ਹਜ਼ਾਰ ਕਰੋੜ ਦਾ ਹੈ। ਇਸ ਤਰ੍ਹਾਂ ਦਿੱਲੀ ਸਰਕਾਰ ਹਰੇਕ ਵਿਅਕਤੀ ’ਤੇ ਸਾਲ ਵਿੱਚ ਕਰੀਬ 30 ਹਜ਼ਾਰ ਰੁਪਏ ਦਾ ਖਰਚਾ ਕਰ ਰਹੀ ਹੈ। ਪੰਜਾਬ ਦੀ ਆਬਾਦੀ 3 ਕਰੋੜ ਹੈ ਅਤੇ ਸਾਲਾਨਾ ਬਜਟ 1.80 ਲੱਖ ਹਜ਼ਾਰ ਕਰੋੜ ਰੁਪਏ ਦਾ ਹੈ।

ਪੰਜਾਬ ਸਰਕਾਰ ਇਕ ਵਿਅਕਤੀ ’ਤੇ 60 ਹਜ਼ਾਰ ਰੁਪਏ ਮਹੀਨਾ ਖਰਚ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਸਿੱਖਿਆ, ਸਿਹਤ ਅਤੇ ਬਿਜਲੀ ਮਹਿੰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦੀ ਅਗਵਾਈ ਹੇਠ ਮਾਫ਼ੀਆ ਰਾਜ ਚੱਲ ਰਿਹਾ ਹੈ, ਜਿਸ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ। ਬੇਅਦਬੀ ਮਾਮਲੇ ’ਤੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਆਪਸ ਵਿੱਚ ਮਿਲੇ ਹੋਏ ਹਨ ਤੇ ਕਾਂਗਰਸ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।

ਸੰਘਰਸ਼ ਦੇ ਰਾਹ ਪੲੇ ਕਿਸਾਨਾਂ ਦੀਆਂ ਮੰਗਾਂ ਜਾਇਜ਼

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ 7 ਮਹੀਨਿਆਂ ਤੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

Share: