ਬਿਜਲੀ ਸਪਲਾਈ ਨਾ ਮਿਲਣ ’ਤੇ ਕੌਮੀ ਮਾਰਗ ਜਾਮ

ਬਿਜਲੀ ਸਪਲਾਈ ਨਾ ਮਿਲਣ ’ਤੇ ਕੌਮੀ ਮਾਰਗ ਜਾਮ

ਫਗਵਾੜਾ: ਝੋਨਾ ਲਾਉਣ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਲਗਪਗ ਚਾਰ ਘੰਟੇ ਅੰਮ੍ਰਿਤਸਰ-ਦਿੱਲੀ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸਾਨਾਂ ਨੇ ਪਹਿਲਾਂ ਬੰਗਾ ਰੋਡ ’ਤੇ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ ਦਫ਼ਤਰ ਬਾਹਰ ਧਰਨਾ ਦਿੱਤਾ ਪਰ ਉੱਥੇ ਕੋਈ ਸੁਣਵਾਈ ਨਾ ਹੋਣ ਕਾਰਨ ਕਿਸਾਨ ਸ਼ੂਗਰ ਮਿੱਲ ਚੌਕ ’ਚ ਪੁੱਜੇ ਅਤੇ ਕਰੀਬ 11 ਵਜੇ ਟਰਾਲੀਆਂ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਮੌਕੇ ’ਤੇ ਪੁੱਜੇ ਐੱਸਪੀ ਸਰਬਜੀਤ ਸਿੰਘ ਵਾਹੀਆ ਨੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਕਿਹਾ ਪਰ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਰਹੇ।

ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੂਸਾਪੁਰ, ਪਾਲਾ ਮੌਲੀ, ਸੁਖਵਿੰਦਰ ਸਿੰਘ ਸ਼ੇਰਗਿੱਲ ਅਤੇ ਇੰਦਰਜੀਤ ਖਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਸੂਲੀ ’ਤੇ ਟੰਗਿਆ ਹੋਇਆ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਵੀ ਅੱਠ ਘੰਟੇ ਬਿਜਲੀ ਸਪਲਾਈ ਦਾ ਭਰੋਸਾ ਦੇ ਕੇ ਸਿਰਫ਼ ਤਿੰਨ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਧਰਨੇ ਦਿੱਤੇ ਜਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਸ਼ਾਮ ਤਿੰਨ ਵਜੇ ਦੇ ਕਰੀਬ ਐਕਸੀਅਨ ਰਜਿੰਦਰ ਸਿੰਘ ਅਤੇ ਐੱਸਡੀਐੱਮ ਸ਼ਾਇਰੀ ਮਲਹੋਤਰਾ ਨੇ ਮੌਕੇ ’ਤੇ ਪੁੱਜ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਚੇਅਰਮੈਨ ਜੋਗਿੰਦਰ ਸਿੰਘ ਮਾਨ, ਕਾਂਗਰਸੀ ਆਗੂ ਸਤਬੀਰ ਸਿੰਘ ਵਾਲੀਆ, ਜਰਨੈਲ ਨੰਗਲ, ਜਥੇਦਾਰ ਸਰਵਣ ਸਿੰਘ ਕੁਲਾਰ ਸਮੇਤ ਕਈ ਕਿਸਾਨ ਆਗੂ ਸ਼ਾਮਲ ਸਨ।

ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਐਕਸੀਅਨ ਨੂੰ ਬੰਦੀ ਬਣਾਇਆ

ਮੋਗਾ (ਨਿੱਜੀ ਪੱਤਰ ਪ੍ਰੇਰਕ):ਖੇਤੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਬਿਲਾਸਪੁਰ ਬੌਡੇ ਤੇ ਕੋਕਰੀ ਵਹਿਣੀਵਾਲ ਵਿਚ ਗਰਿੱਡ ਅੱਗੇ ਧਰਨਾ ਦਿੱਤਾ। ਉਨ੍ਹਾਂ ਪਾਵਰਕੌਮ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਐਕਸੀਅਨ ਨੂੰ ਦਫਤਰ ਅੰਦਰ ਹੀ ਬੰਦੀ ਬਣਾ ਲਿਆ। ਬਾਘਾਪੁਰਾਣਾ ’ਚ ਬੀਕੇਯੂ ਏਕਤਾ ਉਗਰਾਹਾਂ ਆਗੂ ਹਰਮੰਦਰ ਸਿੰਘ ਡੇਮਰੂ ਦੀ ਅਗਵਾਈ ਹੇਠ ਕਿਸਾਨਾਂ ਅਤੇ ਬੀਬੀਆਂ ਨੇ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਤੇ ਐਕਸੀਅਨ ਇੰਜ. ਜਸਵੀਰ ਸਿੰਘ ਨੂੰ ਦਫ਼ਤਰ ਅੰਦਰ ਹੀ ਬੰਦੀ ਬਣਾ ਲਿਆ। ਕਿਸਾਨਾਂ ਨੇ ਦੋਸ਼ ਲਗਾਇਆ ਉਨ੍ਹਾਂ ਨੂੰ ਭਰੋਸਾ ਦੇਣ ਤੋਂ ਬਾਅਦ ਵੀ ਪਾਵਰ ਕੱਟ ਲਾਏ ਜਾ ਰਹੇ ਹਨ। ਦੂਜੇ ਪਾਸੇ ਪਾਵਰਕੌਮ ਅਧਿਕਾਰੀ ਮੁੱਖ ਦਫ਼ਤਰ ਦੀਆਂ ਹਦਾਇਤਾਂ ਮੁਤਾਬਕ ਪਾਵਰ ਕੱਟ ਲੱਗਣ ਦੀ ਗੱਲ ਆਖ ਰਹੇ ਹਨ। ਇਸ ਮੌਕੇ ਸੀਨੀਅਰ ਪੁਲੀਸ ਅਧਿਕਾਰੀ ਵੀ ਪੁੱਜ ਗਏ ਤੇ ਦਫ਼ਤਰ ਬਾਹਰ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਆਖਿਆ ਕਿ ਐਕਸੀਅਨ ਨੂੰ ਅੱਜ ਘਰ ਨਹੀਂ ਜਾਣ ਦਿੱਤਾ ਜਾਵੇਗਾ। ਕਿਸਾਨਾਂ ਨੇ ਆਖਿਆ ਕਿ ਉਨ੍ਹਾਂ ਨੂੰ ਦੋ ਦਿਨ ਵਿੱਚ ਕਰੀਬ 3 ਤੋਂ 5 ਘੰਟੇ ਹੀ ਬਿਜਲੀ ਸਪਲਾਈ ਮਿਲਦੀ ਹੈ ਜਦਕਿ ਪੰਜਾਬ ਸਰਕਾਰ ਨੇ ਝੋਨੇ ਦੀ ਫ਼ਸਲ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਸੀ।

Share: