ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਦੀ ਚੋਣ ਵਾਸਤੇ ਮੁੱਖ ਮੁਕਾਬਲਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵੱਲੋਂ ਪ੍ਰਧਾਨ ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਦੇ ਵਿਚਾਲੇ ਹੋਵੇਗਾ। ਇਹ ਜਨਰਲ ਇਜਲਾਸ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਰੰਭ ਹੋਣਾ ਹੈ।
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਕੱਲ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਸਮੇਂ ਹੀ ਪ੍ਰਧਾਨ ਦੇ ਉਮੀਦਵਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਸੀ।
ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਅੱਜ ਸਵੇਰੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਦੇ ਉਮੀਦਵਾਰ ਵਜੋਂ ਮਿੱਠੂ ਸਿੰਘ ਕਾਹਣੇਕੇ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਉਨ੍ਹਾਂ ਦੇ ਨਾਂਅ ਦੀ ਚੋਣ ਕੀਤੀ ਗਈ।
ਇਸ ਦੀ ਪੁਸ਼ਟੀ ਕਰਦੇ ਮਿੱਠੂ ਸਿੰਘ ਕਾਹਣੇਕੇ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਜਿਨ੍ਹਾਂ ਦੇ ਨਾਂਅ ਦੀ ਚੋਣ ਲੜਨ ਵਾਸਤੇ ਚਰਚਾ ਸੀ, ਵੱਲੋਂ ਵੀ ਉਨ੍ਹਾਂ ਦੇ ਨਾਂਅ ਤੇ ਸਹਿਮਤੀ ਦਿੱਤੀ ਗਈ ਹੈ।

