ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਤੇ ਮੋਗਾ ਦੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਮੋਗਾ: ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਨ ਦੇ ਦੋਸ਼ ਵਿੱਚ ਮੋਗਾ ਪੁਲੀਸ ਨੇ ਇੱਕ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਹੈ। ਮੋਗਾ ਦੇ ਐੱਸਐੱਸਪੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੇ ਉਨ੍ਹਾਂ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ ਜਿਨ੍ਹਾਂ ਦਾ ਉਦੇਸ਼ ਹਥਿਆਰਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਰੋਕ ਲਗਾਉਣਾ ਅਤੇ ਜਨਤਕ ਵਿਵਸਥਾ ਨੂੰ ਬਣਾਈ ਰੱਖਣਾ ਹੈ।

ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਅਜੀਤਵਾਲ ਥਾਣੇ ਅਧੀਨ ਪੈਂਦੇ ਪਿੰਡ ਚੂਹੜਚੱਕ ਦਾ ਰਹਿਣ ਵਾਲਾ ਹੈ। ਪੁਲੀਸ ਰਿਪੋਰਟਾਂ ਅਨੁਸਾਰ ਪ੍ਰਿਤਪਾਲ ਨੇ ਆਪਣੇ ਫੇਸਬੁੱਕ ਪ੍ਰੋਫਾਈਲ ‘ਪ੍ਰਿਤਪਾਲ ਸਿੰਘ ਖਾਲਸਾ’ ਦੇ ਨਾਂ ‘ਤੇ ਕਈ ਤਸਵੀਰਾਂ ਅਪਲੋਡ ਕੀਤੀਆਂ ਸਨ, ਜਿਨ੍ਹਾਂ ਵਿੱਚ ਉਹ ਹਥਿਆਰਾਂ ਨਾਲ ਪੋਜ਼ ਦਿੰਦਾ ਦਿਖਾਈ ਦੇ ਰਿਹਾ ਸੀ।

ਅਜੀਤਵਾਲ ਥਾਣੇ ਦੇ ਏਐੱਸਆਈ ਮੋਹਕਮ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਮੁਖਬਰ ਰਾਹੀਂ ਸੂਚਨਾ ਮਿਲੀ ਸੀ ਕਿ ਇਹ ਨੌਜਵਾਨ ਆਨਲਾਈਨ ਗੰਨ ਕਲਚਰ ਨੂੰ ਸ਼ਰੇਆਮ ਵਧਾਵਾ ਦੇ ਰਿਹਾ ਹੈ। ਅਜਿਹੀਆਂ ਗਤੀਵਿਧੀਆਂ ਜ਼ਿਲ੍ਹਾ ਮੈਜਿਸਟ੍ਰੇਟ (ਡਿਪਟੀ ਕਮਿਸ਼ਨਰ) ਵੱਲੋਂ ਜਾਰੀ ਕੀਤੇ ਹੁਕਮਾਂ ਦੀ ਸਿੱਧੀ ਉਲੰਘਣਾ ਹਨ, ਜੋ ਡਰ ਅਤੇ ਦਹਿਸ਼ਤ ਫੈਲਣ ਤੋਂ ਰੋਕਣ ਲਈ ਹਥਿਆਰਾਂ ਦੀ ਜਨਤਕ ਅਤੇ ਡਿਜੀਟਲ ਨੁਮਾਇਸ਼ ‘ਤੇ ਪਾਬੰਦੀ ਲਗਾਉਂਦੇ ਹਨ।ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਐੱਸਐੱਸਪੀ ਨੇ ਕਿਹਾ ਕਿ ਸਾਈਬਰ ਸੈੱਲ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਹਥਿਆਰਾਂ ਦੀ ਨੁਮਾਇਸ਼ ਕਰਨਾ — ਭਾਵੇਂ ਉਹ ਲਾਇਸੈਂਸੀ ਹੋਣ ਜਾਂ ਗੈਰ-ਕਾਨੂੰਨੀ — ਇੱਕ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਕੋਈ ਵੀ ਸੋਸ਼ਲ ਮੀਡੀਆ ਰਾਹੀਂ ਹਿੰਸਾ ਜਾਂ ਗੰਨ ਕਲਚਰ ਨੂੰ ਹੱਲਾਸ਼ੇਰੀ ਦਿੰਦਾ ਪਾਇਆ ਗਿਆ, ਉਸ ਨੂੰ ਸਖ਼ਤ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।

Share: