ਨਵੀਂ ਦਿੱਲੀ: ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਚਿਤਾਵਨੀ ਦਿੱਤੀ ਕਿ ਅਗਲੇ ਦਿਨਾਂ ਵਿੱਚ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਹੋਰ ਵਧ ਸਕਦਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਦਾ ਹਵਾਲਾ ਦਿੰਦਿਆਂ ਸ੍ਰੀ ਸਿਰਸਾ ਨੇ ਦਿੱਲੀ ਵਾਸੀਆਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਦਿੱਲੀ ਦਾ ਮੌਸਮ ਫਿਰ ਵਿਗੜ ਜਾਵੇਗਾ ਕਿਉਂਕਿ ਪੱਛਮੀ ਗੜਬੜੀ ਦਾ ਪ੍ਰਭਾਵ ਕੱਲ੍ਹ ਤੋਂ ਬਾਅਦ ਦਿੱਲੀ ਵਿੱਚ ਦੁਬਾਰਾ ਦਿਖਾਈ ਦੇਵੇਗਾ। ਮੌਸਮ ਵਿਭਾਗ ਅਨੁਸਾਰ ਸੰਘਣੀ ਧੁੰਦ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਸਮੂਹਿਕ ਜ਼ਿੰਮੇਵਾਰੀ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਜੀ ਆਰ ਏ ਪੀ-4 ਪਾਬੰਦੀਆਂ ਹਟਾਉਣ ਦੇ ਬਾਵਜੂਦ ਦਿੱਲੀ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਅੰਕੜਿਆਂ ਦੇ ਆਧਾਰ ’ਤੇ ਦਿੱਲੀ ਦਾ ਮੌਸਮ ਵਿਗੜਨ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ, ‘‘ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਭਾਵੇਂ ਜੀ ਆਰ ਏ ਪੀ-4 ਹਟਾ ਦਿੱਤਾ ਗਿਆ ਹੈ, ਸਾਨੂੰ ਸਾਰਿਆਂ ਨੂੰ ਕਈ ਚੀਜ਼ਾਂ ’ਤੇ ਇਕੱਠੇ ਕੰਮ ਕਰਨ ਦੀ ਲੋੜ ਹੈ।’’
ਕੈਬਨਿਟ ਮੰਤਰੀ ਸ੍ਰੀ ਸਿਰਸਾ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟਾਂ ਤੋਂ ਬਿਨਾਂ ਵਾਹਨਾਂ ਦੀ ਵਰਤੋਂ ਤੋਂ ਬਚਣ ਅਤੇ ਬੇਲੋੜੀ ਯਾਤਰਾ ਨੂੰ ਘਟਾ ਕੇ ਜ਼ਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਕਿਹਾ, ‘‘ਭਾਵੇਂ ਘਰੋਂ ਕੰਮ ਕਰਨ ਦਾ 50 ਫ਼ੀਸਦ ਨਿਯਮ ਵਾਪਸ ਲੈ ਲਿਆ ਗਿਆ ਹੈ, ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਆਪਣੇ ਵਾਹਨਾਂ ਦੀ ਕਰਨ ਤੋਂ ਪਰਹੇਜ਼ ਕੀਤਾ ਜਾਵੇ।’’ ਭਾਈਚਾਰਕ ਹਿੱਸੇਦਾਰੀ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਰਾਤ ਨੂੰ ਕੂੜਾ ਨਾ ਸਾੜਨ ਜਾਂ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਾਇਓਮਾਸ ਸਾੜਨਾ ਹਵਾ ਪ੍ਰਦੂਸ਼ਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੌਸਮ ਦੇ ਹਾਲਾਤ ਵਿਗੜਨ ਨਾਲ ਧੁੰਦ ਤੇਜ਼ੀ ਨਾਲ ਧੂੰਏਂ ਵਿੱਚ ਬਦਲ ਸਕਦੀ ਹੈ, ਇਸ ਲਈ ਪ੍ਰਦੂਸ਼ਣ ਦੇ ਪੱਧਰ ਵਿੱਚ ਇੱਕ ਹੋਰ ਵਾਧੇ ਨੂੰ ਰੋਕਣ ਲਈ ਦਿੱਲੀ ਨੂੰ ਹਾਈ ਅਲਰਟ ’ਤੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਪਿਛਲੇ ਕੁਝ ਦਿਨਾਂ ਵਿੱਚ ਅਸੀਂ ਜੋ ਸਾਫ਼ ਮੌਸਮ ਦੇਖਿਆ ਹੈ, ਉਹ ਸ਼ਾਇਦ ਟਿਕ ਨਾ ਸਕੇ। ਸਾਨੂੰ ਸਾਰਿਆਂ ਨੂੰ ਦਿੱਲੀ ਦੀ ਹਵਾ ਨੂੰ ਸਾਫ਼ ਰੱਖਣ ਲਈ ਇਕੱਠੇ ਕੰਮ ਕਰਨ ਦੀ ਲੋੜ ਹੈ।’’ ਬੀ ਐੱਸ-4 ਮਾਪਦੰਡਾਂ ਤੋਂ ਹੇਠਾਂ ਵਾਲੇ ਵਾਹਨਾਂ ਦੇ ਦਾਖ਼ਲੇ ਬਾਰੇ ਸਿਰਸਾ ਨੇ ਕਿਹਾ ਕਿ ਅਜਿਹੇ ਵਾਹਨਾਂ ਤੋਂ ਬਚਣਾ ਬਿਹਤਰ ਹੋਵੇਗਾ ਪਰ ਜੀ ਆਰ ਏ ਪੀ-4 ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਰਤਮਾਨ ਵਿੱਚ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਆਗਿਆ ਹੈ।
ਆਂਖੀ ਤੇ ਸੰਘਣੀ ਧੁੰਦ ਕਾਰਨ ਦਿਸਣ ਹੱਦ ਘਟੀ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਦਿੱਲੀ ਦਾ ਸਮੁੱਚਾ ਹਵਾ ਗੁਣਵੱਤਾ ਸੂਚਕਾਂਕ (ਏ ਕਿਊ ਆਈ) ਸ਼ੁੱਕਰਵਾਰ ਸਵੇਰੇ 8 ਵਜੇ ਦੇ ਕਰੀਬ 305 ’ਤੇ (ਬਹੁਤ ਮਾੜੀ) ਸ਼੍ਰੇਣੀ ਵਿੱਚ ਸੀ। ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿੱਥੇ ਦਿਸਣ ਹੱਦ ਕਾਫ਼ੀ ਘੱਟ ਸੀ ਅਤੇ ਏਕਿਊਆਈ 330 ’ਤੇ ਪਹੁੰਚ ਗਿਆ। ਸਵੇਰ ਸਮੇਂ ਅਕਸ਼ਰਧਾਮ ਅਤੇ ਏਮਜ਼ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਸਥਿਤੀਆਂ ਵੇਖੀਆਂ ਗਈਆਂ। ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਆਨੰਦ ਵਿਹਾਰ (390), ਬਵਾਨਾ (379), ਨਰੇਲਾ (356), ਆਰ ਕੇ ਪੁਰਮ (320), ਅਤੇ ਸਿਰੀਫੋਰਟ (317) ਸਮੇਤ ਕਈ ਥਾਵਾਂ ’ਤੇ ਪ੍ਰਦੂਸ਼ਣ ਦਾ ਪੱਧਰ ‘ਬਹੁਤ ਮਾੜਾ’ ਰਿਹਾ
ਭਾਜਪਾ ਆਗੂ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ
ਨਵੀਂ ਦਿੱਲੀ: ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਵੀਨ ਨੇ ਅੱਜ ‘ਵੀਰ ਬਾਲ ਦਿਵਸ’ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਪਾਰਟੀ ਦੇ ਬਿਆਨ ਅਨੁਸਾਰ, ਨਵੀਨ ਨਾਲ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਕੌਮੀ ਮੀਡੀਆ ਕੋਆਰਡੀਨੇਟਰ ਸੰਜੇ ਮਯੂਖ ਵੀ ਸਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰੂ ਗੋਬਿੰਦ ਸਿੰਘ ਦੇ ਦੋ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਅਤੇ ਉਨ੍ਹਾਂ ਦੀ ਦਾਦੀ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਗੂਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਮੁਗਲ ਕਾਲ ਦੌਰਾਨ ਗੁਰੂ ਗੋਬਿੰਦ ਸਿੰਘ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਇਆ ਜਾਂਦਾ ਹੈ।

