ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਗੱਲ ਕੀਤੀ। ਉਨ੍ਹਾਂ ਸਾਹਿਬਜ਼ਾਦਿਆਂ ਦੇ ਸਿਦਕ ਨੂੰ ਸਿਜਦਾ ਕੀਤਾ।ਆਪ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵੱਲੋਂ ਸਦਨ ’ਚ ਚਾਰ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਟ ਕੀਤੀ ਗਈ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਇਤਿਹਾਸ ਨਾਲ ਛੇੜ ਛਾੜ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਬਰਦਾਸ਼ਿਤ ਨਹੀਂ ਕਰੇਗਾ। ਉਨ੍ਹਾਂ ਸਾਹਿਬਜ਼ਾਦਿਆਂ ਨੂੰ ਬਾਲ ਦੱਸਣ ਨੂੰ ਗਲਤ ਕਰਾਰ ਦਿੰਦਿਆ ਕਿਹਾ ਕਿ ਉਹ ਸਾਡੇ ਬਾਬੇ ਸਨ।ਉਨ੍ਹਾਂ ਸਦਨ ’ਚ ਮੰਗ ਕਰਦਿਆਂ ਕਿਹਾ ਕਿ ਵਿਧਾਨ ਸਭਾ ’ਚ ਇਸ ਬਾਰੇ ਮਤਾ ਲਿਆਂਦਾ ਜਾਵੇ ।
ਇਸ ਤੋਂ ਪਹਿਲਾਂ ਮਗਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਗਨਰੇਗਾ ਕਾਮਿਆਂ ਦੀਆਂ ਦਰਖਾਸਤਾਂ ਲੈ ਕੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਨੇ ਕਿਹਾ ਕਿ ਜੀ ਰਾਮ ਜੀ ਕਾਨੂੰਨ ਲਿਆ ਕੇ ਮਜ਼ਦੂਰਾਂ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨਾਂ ਦਾ ਰੁਜ਼ਗਾਰ ਖੋਹ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਦੇਵ ਮਾਨ ਅਤੇ ਕੁਲਜੀਤ ਰੰਧਾਵਾ ਦਰਖਾਸਤਾਂ ਦੀ ਪੰਡ ਸਮੇਤ ਵਿਧਾਨ ਸਭਾ ਦੇ ਬਾਹਰ ਪੁੱਜੇ ਸਨ।
