ਚੰਡੀਗੜ੍ਹ: ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਬੁੱਧਵਾਰ ਇੱਥੇ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ।
ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖਤਮ ਕੀਤੀ ਗਈ ਹੈ। ਇਸ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਰੁਪਏ 1960/- ਪ੍ਰਤੀ ਕੁਵਿੰਟਲ ‘ਤੇ ਕੀਤੀ ਗਈ ਹੈ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।