ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਕਾਲ ਤਖਤ ਅੱਗੇ ਪੇਸ਼

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅਕਾਲ ਤਖਤ ਅੱਗੇ ਪੇਸ਼

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ ਅਤੇ ਸਿੱਖ ਧਰਮ ਦੇ ਗਿਆਤਾ ਅਧਿਕਾਰੀ ਨੂੰ ਨਿਯੁਕਤ ਕਰਨ ਤਾਂ ਕਿ ਭਵਿੱਖ ਵਿੱਚ ਸਿੱਖ ਧਰਮ ਸਬੰਧੀ ਕੋਈ ਗਲਤੀ ਨਾ ਹੋਵੇ। ਸ੍ਰੀ ਸੌਦ ਅੱਜ ਇੱਥੇ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ ਸਨ। ਬੀਤੇ ਦਿਨੀ ਭਾਈ ਜੈਤਾ ਜੀ ਮਿਊਜ਼ੀਅਮ ਵਿੱਚ ਸਥਾਪਿਤ ਕੀਤੀਆਂ ਗਈਆਂ ਕੁਝ ਤਸਵੀਰਾਂ ਦੇ ਮਾਮਲੇ ਵਿੱਚ ਮਰਿਆਦਾ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਸੀ। ਉਨ੍ਹਾਂ ਨੇ ਅੱਜ ਆਪਣਾ ਤੇ ਆਪਣੇ ਵਿਭਾਗ ਵੱਲੋਂ ਇੱਕ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ। ਜਥੇਦਾਰ ਗੜਗੱਜ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਸੌਦ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਸਿੱਖ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੁਤਾਬਕ ਹੀ ਸਮਾਗਮ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹੈਰੀਟੇਜ ਸਟਰੀਟ ਵਿਖੇ ਪੁੱਜੇ, ਜਿੱਥੋਂ ਨੰਗੇ ਪੈਰੀਂ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਉਨ੍ਹਾਂ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਵਿਖੇ ਵੀ ਮੱਥਾ ਟੇਕਿਆ।

ਇਸ ਦੌਰਾਨ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ‘ਆਪ’ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੀ ਦੀਵਾਨ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੂੰ ਸੌਂਪਿਆ। ਉਨ੍ਹਾਂ ਕੋਲੋਂ ਦੀਵਾਨ ਵਿੱਚ ਅੰਮ੍ਰਿਤਧਾਰੀ ਅਤੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦੀ ਸੂਚੀ ਮੰਗੀ ਗਈ ਸੀ। ਡਾ. ਨਿੱਜਰ ਨੇ ਦੱਸਿਆ ਕਿ ਜਥੇਦਾਰ ਗੜਗੱਜ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਦੀਵਾਨ ਦੇ ਸਾਰੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਨ।

ਸ੍ਰੀ ਸੌਂਦ ਨੇ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਵਿਖੇ ਪੇਸ਼ ਹੋਏ। ਸ੍ਰੀ ਸੌਂਦ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਵਿ ਭਾਗ ਵਿਚ ਸਿੱਖ ਸਿਧਾਂਤਾਂ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਇਸ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਨਗੇ ਕਿ ਇਸ ਵਿਭਾਗ ਵਿਚ ਸਿੱਖ ਸਿਧਾਂਤਾਂ ਦੀ ਸਮਝ ਰੱਖਣ ਵਾਲੇ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਸੀ ਕਿ ਮਰਿਆਦਾ ਦਾ ਧਿਆਨ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਉਨ੍ਹਾਂ ਨੂੰ 5 ਜਨਵਰੀ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਾਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਖ਼ਿਲਾਫ਼ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ।

Share: