ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵੱਲੋਂ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਬਦਲਣ ਦੀ ਤਜਵੀਜ਼ ਦਾ ਵਿਰੋਧ ਤੇਜ਼ ਹੋ ਗਿਆ ਹੈ। ਸਾਬਕਾ ਸੰਸਦ ਮੈਂਬਰ ਨਰੇਸ਼ ਗੁਜਰਾਲ ਅਤੇ ਦਿੱਲੀ ਤੇ ਪੰਜਾਬ ਦੇ ਕਈ ਉੱਘੇ ਵਿਦਵਾਨਾਂ ਨੇ ਯੂਨੀਵਰਸਿਟੀ ਨੂੰ ਫ਼ੈਸਲੇ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ 2017 ਵਿੱਚ ਸੰਸਦ ਵਿੱਚ ਸਰਕਾਰ ਵੱਲੋਂ ਦਿੱਤੇ ਗਏ ਉਸ ਭਰੋਸੇ ਦੀ ਯਾਦ ਦਿਵਾਈ ਜਿਸ ਵਿੱਚ ਕਿਹਾ ਗਿਆ ਸੀ ਕਿ ਕਾਲਜ ਦਾ ਨਾਮ ਨਹੀਂ ਬਦਲਿਆ ਜਾਵੇਗਾ। ਸ੍ਰੀ ਗੁਜਰਾਲ ਨੇ ਦੱਸਿਆ ਕਿ 2017 ਵਿੱਚ ਵੀ ਤਤਕਾਲੀ ਚੇਅਰਮੈਨ ਅਮਿਤਾਭ ਸਿਨਹਾ ਨੇ ਕਾਲਜ ਦਾ ਨਾਮ ਬਦਲ ਕੇ ‘ਵੰਦੇ ਮਾਤਰਮ ਮਹਾਵਿਦਿਆਲਿਆ’ ਰੱਖਣ ਦੀ ਤਜਵੀਜ਼ ਪੇਸ਼ ਕੀਤੀ ਸੀ। ਉਨ੍ਹਾਂ ਕਿਹਾ, ‘‘ਮੈਂ ਰਾਜ ਸਭਾ ਵਿੱਚ ਇਸ ਦਾ ਵਿਰੋਧ ਕੀਤਾ ਸੀ ਅਤੇ ਤਤਕਾਲੀ ਐੱਚ ਆਰ ਡੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਕਦਮ ਖ਼ਿਲਾਫ਼ ਹੈ ਕਿਉਂਕਿ ਇਸ ਨਾਲ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੈਂ ਹੈਰਾਨ ਹਾਂ ਕਿ ਸੰਸਦ ਵਿੱਚ ਦਿੱਤੇ ਭਰੋਸੇ ਦੇ ਬਾਵਜੂਦ ਦਿੱਲੀ ਯੂਨੀਵਰਸਿਟੀ ਨੇ ਦੁਬਾਰਾ ਨਾਮ ਬਦਲਣ ਦਾ ਪ੍ਰਸਤਾਵ ਦਿੱਤਾ ਹੈ।’’ ਰਾਜ ਸਭਾ ’ਚ 19 ਦਸੰਬਰ 2017 ਨੂੰ ਕਾਂਗਰਸ ਦੇ ਆਨੰਦ ਸ਼ਰਮਾ, ਅੰਬਿਕਾ ਸੋਨੀ, ਆਸਕਰ ਫਰਨਾਂਡਿਜ਼, ਸ਼ਮਸ਼ੇਰ ਸਿੰਘ ਦੂਲੋ ਅਤੇ ਬੀ ਕੇ ਹਰੀਪ੍ਰਸਾਦ ਸਮੇਤ ਹੋਰਾਂ ਨੇ ਸ੍ਰੀ ਗੁਜਰਾਲ ਦੇ ਪੱਖ ਦੀ ਹਮਾਇਤ ਕੀਤੀ ਸੀ।
ਅਕਾਲੀ ਦਲ ਦੇ ਸੀਨੀਅਰ ਆਗੂ ਨੇ ਅੱਜ ਕਿਹਾ ਕਿ ਜੇ ਸਰਕਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਉਨ੍ਹਾਂ ਦੇ ਨਾਮ ’ਤੇ ਦਿੱਲੀ ਅਤੇ ਪੰਜਾਬ ’ਚ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਸਰਦਾਰ ਦਿਆਲ ਸਿੰਘ ਮਜੀਠੀਆ ਦਾ ਸਨਮਾਨ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰਾ ਮੁਲਕ ਕਰਦਾ ਹੈ। ਉਨ੍ਹਾਂ ਦਾ ਆਜ਼ਾਦੀ ਦੇ ਅੰਦੋਲਨ ਅਤੇ ਖਾਸ ਕਰ ਸਿੱਖਿਆ ਦੇ ਖੇਤਰ ’ਚ ਵੱਡਾ ਯੋਗਦਾਨ ਹੈ। ਮੈਨੂੰ ਆਸ ਹੈ ਕਿ ਸਰਕਾਰ ਇਸ ਮੁੱਦੇ ਪ੍ਰਤੀ ਸੰਜੀਦਾ ਹੋਵੇਗੀ।’’ ਪੰਜਾਬ ਦੀ ਸੈਂਟਰਲ ਯੂਨੀਵਰਸਿਟੀ ਦੇ ਸਾਬਕਾ ਚਾਂਸਲਰ ਪ੍ਰੋਫੈਸਰ ਐੱਸ ਐੱਸ ਜੌਹਲ, ਘੱਟਗਿਣਤੀ ਵਿਦਿਅਕ ਅਦਾਰਿਆਂ ਬਾਰੇ ਕੌਮੀ ਕਮਿਸ਼ਨ ਦੇ ਸਾਬਕਾ ਮੈਂਬਰ ਡਾਕਟਰ ਮਹਿੰਦਰ ਸਿੰਘ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਡੀ ਡੀ ਐੱਸ ਸੰਧੂ, ਇਟਰਨਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਵਾਈਸ ਚਾਂਸਲਰ ਪ੍ਰੋਫੈਸਰ ਜਸਵਿੰਦਰ ਸਿੰਘ, ਉੱਘੇ ਬੁੱਧੀਜੀਵੀ ਪ੍ਰੋਫੈਸਰ ਹਰੀਸ਼ ਪੁਰੀ, ਜਵਾਹਰਲਾਲ ਨਹਿਰੂ ਯੂਨੀਵਰਸਿਟੀ ’ਚ ਸਾਬਕਾ ਪ੍ਰੋਫੈਸਰ ਭਗਵਾਨ ਜੋਸ਼, ਯੂ ਐੱਨ ਡੀ ਪੀ ਦੀ ਸੀਨੀਅਰ ਸਮਾਜਿਕ ਵਿਕਾਸ ਸਲਾਹਕਾਰ ਨੀਰਾ ਬੁੱਰਾ, ਭਾਰਤੀ ਪਰਿਵਾਰ ਨਿਯੋਜਨ ਐਸੋਸੀਏਸ਼ਨ ਦੀ ਸਾਬਕਾ ਪ੍ਰਧਾਨ ਨੀਨਾ ਪੁਰੀ, ਅਮਰਜੀਤ ਸਿੰਘ ਨਾਰੰਗ ਅਤੇ ਕੇ ਐੱਲ ਟੁਟੇਜਾ ਦੇ ਦਸਤਖਤਾਂ ਹੇਠ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਦਿੱਲੀ ਯੂਨੀਵਰਸਿਟੀ ਅਤੇ ਦਿਆਲ ਸਿੰਘ ਮਜੀਠੀਆ ਟਰੱਸਟ ਦੇ ਟਰੱਸਟੀਆਂ ਵਿਚਾਲੇ ਹੋਏ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਦਾਰ ਦਿਆਲ ਸਿੰਘ ਮਜੀਠੀਆ ਨੇ ‘ਦਿ ਟ੍ਰਿਬਿਊਨ’ ਅਤੇ ਪੰਜਾਬ ਨੈਸ਼ਨਲ ਬੈਂਕ ਵਰਗੇ ਅਦਾਰਿਆਂ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਆਸ ਜਤਾਈ ਕਿ ਯੂਨੀਵਰਸਿਟੀ ਆਪਣੀ ਤਜਵੀਜ਼ ਵਾਪਸ ਲਵੇਗੀ। ਬੁੱਧੀਜੀਵੀਆਂ ਨੇ ਸੁਝਾਅ ਦਿੱਤਾ ਕਿ ਪੰਜਾਬ ਅਤੇ ਗੁਜਰਾਤ ਸਰਕਾਰਾਂ ਵਾਂਗ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰਣਨੀਤਕ ਅਧਿਐਨ ਦੇ ਅਦਾਰਿਆਂ ਦੀ ਸਥਾਪਨਾ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਦਿਆਲ ਸਿੰਘ ਕਾਲਜ ਗਵਰਨਿੰਗ ਬਾਡੀ ਨੇ ਪਹਿਲਾਂ 17 ਨਵੰਬਰ 2017 ’ਚ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਵੰਦੇ ਮਾਤਰਮ ਕਾਲਜ ਰੱਖਣ ਦੀ ਤਜਵੀਜ਼ ਪੇਸ਼ ਕੀਤੀ ਸੀ। ਉਸ ਸਮੇਂ ਐੱਨ ਡੀ ਏ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਦਮ ਦਾ ਤਿੱਖਾ ਵਿਰੋਧ ਕੀਤਾ ਸੀ। ਤਤਕਾਲੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਲਜ ਦਾ ਨਾਮ ਨਾ ਬਦਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2 ਮਈ 2018 ਨੂੰ ਪੱਤਰ ਲਿਖਿਆ ਸੀ। ਅਕਾਲੀ ਦਲ ਦੇ ਸਾਬਕਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਮਿਤਾਭ ਸਿਨਹਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ।

