ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ ਅਤੇ ਸਾਂਝਾ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਧਿਰਾਂ ਨੇ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਤਿੰਨ ਘੰਟਿਆਂ ਲਈ ਧਰਨੇ ਦਿੱਤੇ। ਤਿੰਨ ਘੰਟੇ ਪੰਜਾਬ ’ਚ ਸੰਘਰਸ਼ੀ ਲੋਕਾਂ ਦੇ ਨਾਅਰਿਆਂ ਦੀ ਗੂੰਜ ਪੈਂਦੀ ਰਹੀ। ਠੰਢ ਦੇ ਬਾਵਜੂਦ ਮਜ਼ਦੂਰ ਜਥੇਬੰਦੀਆਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤ ਜਥੇਬੰਦੀਆਂ ਅਤੇ ਹੋਰ ਜਨਤਕ ਧਿਰਾਂ ਨੇ ਕੇਂਦਰ ਅਤੇ ਪੰਜਾਬ ਦੀ ਹਕੂਮਤ ਨੂੰ ਨਿਸ਼ਾਨੇ ’ਤੇ ਲਿਆ। ਇਹ ਧਰਨੇ ਦੁਪਹਿਰ 12 ਵਜੇ ਸ਼ੁਰੂ ਹੋ ਕੇ ਬਾਅਦ ਦੁਪਹਿਰ 3 ਵਜੇ ਖ਼ਤਮ ਹੋਏ।
ਇਨ੍ਹਾਂ ਧਰਨਿਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ। ਧਰਨਿਆਂ ਵਿੱਚ ਐਲਾਨ ਕੀਤਾ ਗਿਆ ਕਿ 26 ਜਨਵਰੀ ਨੂੰ ਸਮੁੱਚੇ ਭਾਰਤ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਜਨਤਕ ਮਾਰਚ ਕੀਤੇ ਜਾਣਗੇ ਕਿਉਂਕਿ ਇਨ੍ਹਾਂ ਨੀਤੀਆਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅੱਜ ਦੇ ਧਰਨਿਆਂ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਜ਼ਬਾਨਬੰਦੀ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰੈੱਸ ਦੀ ਆਜ਼ਾਦੀ ’ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਪੱਤਰਕਾਰਾਂ ’ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ‘ਹਿੰਦ ਸਮਾਚਾਰ ਗਰੁੱਪ’ ਖ਼ਿਲਾਫ਼ ਕੀਤੀ ਕਾਰਵਾਈ ਨੂੰ ਜ਼ਬਾਨਬੰਦੀ ਕਰਾਰ ਦਿੱਤਾ।
ਬੁਲਾਰਿਆਂ ਨੇ ਧਰਨਿਆਂ ’ਚ ਬਿਜਲੀ ਸੋਧ ਬਿੱਲ ਰੱਦ ਕਰਨ, ਬੀਜ ਬਿੱਲ ਰੱਦ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ ਤੇ ਲਾਗਵੇਂ ਖੇਤਰਾਂ ਨੂੰ ਬਾਹਰ ਰੱਖਣ, ਚਾਰ ਲੇਬਰ ਕੋਡ ਰੱਦ ਕਰਨ, ਮਗਨਰੇਗਾ ਕਾਨੂੰਨ ਬਹਾਲ ਕਰਨ, ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖਰੀਦ ਯਕੀਨੀ ਬਣਾਉਣ, ਕਿਸਾਨਾਂ-ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ’ਤੇ 10,000 ਰੁਪਏ ਮਹੀਨਾ ਪੈਨਸ਼ਨ ਦੇਣ ਵਰਗੀਆਂ ਮੰਗਾਂ ਦਾ ਜ਼ਿਕਰ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹਿਲਾਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕੱਚੀਆਂ ਜ਼ਮੀਨਾਂ ਦੇ ਮਾਲਕਾਂ ਲਈ ਵੀ ਪੂਰਾ ਮੁਆਵਜ਼ਾ ਮੰਗਿਆ ਗਿਆ। ਧਰਨਿਆਂ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਜਗਮੋਹਣ ਉੱਪਲ (ਪਟਿਆਲਾ), ਬਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਸੰਬੋਧਨ ਕੀਤਾ। ਇਸ ਤਰ੍ਹਾਂ ਧਰਨਿਆਂ ਵਿੱਚ ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਕਿਰਨਜੀਤ ਸਿੰਘ ਸੇਖੋਂ, ਨਿਰਵੈਲ ਸਿੰਘ ਡਾਲੇਕੇ, ਬਲਵਿੰਦਰ ਸਿੰਘ ਰਾਜੂ ਔਲਖ, ਕੰਵਲਪ੍ਰੀਤ ਸਿੰਘ ਪੰਨੂ, ਬਿਜਲੀ ਮੁਲਾਜ਼ਮ ਜਥੇਬੰਦੀ ਵੱਲੋਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਏਟਕ ਆਗੂ ਨਿਰਮਲ ਸਿੰਘ ਧਾਲੀਵਾਲ, ਸੀਟੂ (ਚੰਦਰ ਸ਼ੇਖਰ) ਤੋਂ ਮਹਾਂ ਸਿੰਘ ਰੋੜੀ, ਇਫਟੂ ਦੇ ਕੁਲਵਿੰਦਰ ਸਿੰਘ ਵੜੈਚ ਅਤੇ ਸਾਂਝੇ ਮਜ਼ਦੂਰ ਮੋਰਚੇ ਦੇ ਲਛਮਣ ਸਿੰਘ ਸੇਵੇਵਾਲਾ ਆਦਿ ਨੇ ਵੀ ਵਿਚਾਰ ਰੱਖੇ। ਐੱਸ ਕੇ ਐੱਮ ਵੱਲੋਂ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਤੇ ਬਿੰਦਰ ਸਿੰਘ ਗੋਲੇਵਾਲਾ ਨੇ ਪੰਜਾਬ ’ਚ ਹੋਏ ਧਰਨਿਆਂ ਦੀ ਰਿਪੋਰਟ ਜਾਰੀ ਕੀਤੀ।

