ਬਠਿੰਡਾ: ਸੰਘਣੀ ਧੁੰਦ ਦੌਰਾਨ ਡਿਵਾਈਡਰ ਨਾਲ ਟਕਰਾਈ SUV, ਪੰਜ ਮੌਤਾਂ

ਬਠਿੰਡਾ: ਬਠਿੰਡਾ-ਬੀਕਾਨੇਰ ਕੌਮੀ ਮਾਰਗ ’ਤੇ  ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਜਰਾਤ ਰਾਜ ਦੀ ਨੰਬਰ ਪਲੇਟ ਵਾਲੀ ਫਾਰਚੂਨਰ ਗੱਡੀ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੀ ਸੀ। ਧੁੰਦ ਦੌਰਾਨ ਦਿਸਣ ਹੱਦ ਘੱਟ ਹੋਣ ਕਾਰਨ ਗੱਡੀ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਤੇਜ਼ ਸੀ ਕਿ ਗੱਡੀ ਵਿੱਚ ਸਵਾਰ ਪੰਜੋਂ ਵਿਅਕਤੀਆਂ ਦੀ ਮੌਕੇ ’ਤੇ ਹੀ ਜਾਨ ਚਲੀ ਗਈ। ਮ੍ਰਿਤਕਾਂ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਅਰਜੁਨ, ਸਤੀਸ਼, ਜਨਕ, ਭਾਰਤ ਅਤੇ ਅਮਿਤਾ ਵਜੋਂ ਹੋਈ ਹੈ। ਇਹ ਸਾਰੇ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਕ ਇਹ ਨੌਜਵਾਨ ਸ਼ਿਮਲਾ ਯਾਤਰਾ ਤੋਂ ਬਾਅਦ ਵਾਪਸੀ ਦੌਰਾਨ ਬਠਿੰਡਾ ਰਾਹੀਂ ਡੱਬਵਾਲੀ ਵੱਲ ਜਾ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੁਲੀਸ ਵੱਲੋਂ ਹਾਦਸੇ ਸਬੰਧੀ ਅੱਗੇਲੀ ਜਾਂਚ ਕੀਤੀ ਜਾ ਰਹੀ ਹੈ।

Share: