ਭੋਆ (ਪਠਾਨਕੋਟ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ।
ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸ਼ਕਤੀਸ਼ਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ਼ ਰਚ ਰਿਹਾ ਹੈ।